ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 11 ਨਵੰਬਰ, 2025 ਤੱਕ ਲਾਗੂ ਰਹਿਣਗੇ।