ਪੱਤਰ ਪ੍ਰੇਰਕ
ਰਾਜਪੁਰਾ, 10 ਜੁਲਾਈ
ਭਾਜਪਾ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਕਰਕੇ ਕਰੋੜਾਂ ਰੁਪਏ ਦੀ ਬੇਨਾਮੀ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਿਕਾਇਤ ਭੇਜੀ ਹੈ ਅਤੇ ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਅਤੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਸਾਬਕਾ ਵਿਧਾਇਕ ਵੱਲੋਂ 2017 ਵਿੱਚ ਬਣੀ ਕਾਂਗਰਸ ਸਰਕਾਰ ਸਮੇਂ ਕਥਿਤ ਬੇਅਥਾਹ ਭ੍ਰਿਸ਼ਟਾਚਾਰ ਕਰ ਕੇ ਕਰੋੜਾਂ ਰੁਪਏ ਬੇਨਾਮੀ ਜਾਇਦਾਦ, ਜਿਸ ਵਿੱਚ ਪੈਟਰੋਲ ਪੰਪ, ਕਰੈਸ਼ਰ, ਜ਼ਮੀਨ, ਕੋਠੀਆਂ ਸ਼ਾਮਲ ਹਨ, ਬਣਾਈ ਹੈ। ਇਸ ਤੋਂ ਇਲਾਵਾ ਕੰਬੋਜ ਨੇ ਹੋਰਨਾਂ ਆਗੂਆਂ ਨਾਲ ਮਿਲ ਕੇ ਕਈ ਥਾਵਾਂ ’ਤੇ ਜ਼ਮੀਨ ਤੇ ਜਾਇਦਾਦਾਂ ਉਤੇ ਕਥਿਤ ਕਬਜ਼ੇ ਕੀਤੇ ਹਨ। ਉਧਰ, ਸੰਪਰਕ ਕਰਨ ’ਤੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਭਾਜਪਾ ਆਗੂਆਂ ਵੱਲੋਂ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਇਹ ਆਗੂ ਮੁੱਖ ਮੰਤਰੀ ਨੂੰ ਉਨ੍ਹਾਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਭੇਜ ਕੇ ਫੋਕੀ ਸੋਹਰਤ ਖੱਟਣਾ ਚਾਹੁੰਦੇ ਹਨ। ਉਨ੍ਹਾਂ ਇਨ੍ਹਾਂ ਦੋਸ਼ਾਂ ਦੇ ਸਬੂਤ ਜਨਤਕ ਕਰਨ ਦਾ ਦਾਅਵਾ ਕੀਤਾ।