DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ugrahan Protest: ਕਿਸਾਨਾਂ ਨੇ ਵਿੱਤ ਮੰਤਰੀ ਦੀ ਕੋਠੀ ਘੇਰੀ

ਡੀ ਸੀ ਦਫ਼ਤਰ ਤੋਂ ਮਾਰਚ ਕਰਦੇ ਕਿਸਾਨ ਚੀਮਾ ਦੀ ਕੋਠੀ ਪੁੱਜੇ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਕਿਸਾਨ ਮਜ਼ਦੂਰ ਮੰਗਾਂ ਸਬੰਧੀ ਧਾਰੀ ਚੁੱਪ ਖ਼ਿਲਾਫ਼ ਇਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ। ਡੀ ਸੀ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ 14ਵੇਂ ਦਿਨ ਕਿਸਾਨ ਅੱਜ ਰੋਸ ਮਾਰਚ ਕਰਦੇ ਹੋਏ ਵਿੱਤ ਮੰਤਰੀ ਦੀ ਕੋਠੀ ਅੱਗੇ ਪੁੱਜੇ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਕਿਸਾਨ-ਮਜ਼ਦੂਰ ਵਿਰੋਧੀ ਫੈਸਲੇ ਲੈ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ। ਉਗਰਾਹਾਂ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਅਤੇ ਫਿਰਕੂ ਫਾਸ਼ੀ ਨੀਤੀਆਂ ਖਿਲਾਫ 13 ਸਤੰਬਰ ਨੂੰ ਭਾਜਪਾ ਆਗੂ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਇਸ ਦੌਰਾਨ ਇੱਕ ਮਤਾ ਪਾਸ ਕਰਦਿਆਂ ਦਰਿਆਈ ਪਾਣੀਆਂ ਦੀ ਵੰਡ ਦੇ ਮੁੱਦੇ ਨੂੰ ਭੜਕਾ ਕੇ ਦੇਸ਼ ਦੇ ਕਿਸਾਨਾਂ ਨੂੰ ਆਪੋ ਵਿੱਚ ਲੜਾਉਣ ਦੀਆਂ ਹਕੂਮਤੀ ਸਾਜ਼ਿਸ਼ਾਂ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਜਿਲ੍ਹਾ ਜਰਨਲ ਸਕੱਤਰ ਦਰਵਾਰਾ ਸਿੰਘ ਛਾਜਲਾ, ਜਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਵੀ ਸੰਬੋਧਨ ਕੀਤਾ।

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ ਸੀ ਦਫਤਰ ਮਾਲੇਰਕੋਟਲਾ ਸਾਹਮਣੇ ਲਾਇਆ ਪੱਕਾ ਮੋਰਚਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜਨਰਲ ਸੱਕਤਰ ਕੇਵਲ ਸਿੰਘ ਭੜੀ, ਸਰਬਜੀਤ ਸਿੰਘ ਭੁਰਥਲਾ ,ਰਾਜਿੰਦਰ ਸਿੰਘ ਭੋਗੀਵਾਲ ਨੇ ਐਲਾਨ ਕੀਤਾ ਕਿ ਅੱਜ ਪੰਜਾਬ ਸਰਕਾਰ ਦੇ ਮੰਤਰੀਆਂ ਤਰਨਪ੍ਰੀਤ ਸਿੰਘ ਸੌਂਦ, ਹਰਪਾਲ ਸਿੰਘ ਚੀਮਾਂ, ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ ਘਿਰਾਓ ਕਰਨ ਪਿੱਛੋਂ 13 ਸਤੰਬਰ ਨੂੰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਕਿਸਾਨ ਵਿਧਾਨ ਸਭਾ ਵੱਲ ਕੂਚ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸਨ ਸੱਦ ਕੇ ਮੁੜ ਲਿਆਂਦੀ ਲੈਂਡ ਪੂਲਿੰਗ ਨੀਤੀ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇ, ਕਿਸਾਨਾਂ ਤੇ ਮਜਦੂਰਾਂ ਦਾ ਕਰਜ਼ਾ ਮੁਆਫ਼ ਕਰ ਕੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ 10 ਲੱਖ ਰੁਪਏ ਦਿੱਤੇ ਜਾਣ।

Advertisement

ਮੰਤਰੀਆਂ ਦੀ ਰਿਹਾਇਸ਼ ਅੱਗੇ ਪੱਕੇ ਮੋਰਚੇ ਦੀ ਤਿਆਰੀ

ਲੌਂਗੋਵਾਲ (ਰਘਵੀਰ ਸਿੰਘ ਚੰਗਾਲ): ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ 14 ਸਤੰਬਰ ਤੋਂ ਪੰਜ ਦਿਨਾਂ ਲਈ ਪੰਜਾਬ ਭਰ ਵਿੱਚ ਮੰਤਰੀਆਂ ਦੇ ਘਰਾਂ ਅੱਗੇ ਲਾਏ ਜਾਣ ਵਾਲੇ ਮੋਰਚਿਆਂ ਦੀ ਤਿਆਰੀ ਸਬੰਧੀ ਪਿੰਡ ਲੌਂਗੋਵਾਲ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਗੁੱਗਾ ਮਾੜੀ ਤੋਂ ਸ਼ੁਰੂ ਹੋਏ ਇਸ ਮਾਰਚ ਵਿੱਚ ਕਿਸਾਨ ਟਰੈਕਟਰਾਂ ’ਤੇ ਕਿਸਾਨੀ ਝੰਡੇ ਲਹਿਰਾਉਂਦੇ ਹੋਏ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘੇ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਲਾਏ ਜਾਣ ਵਾਲੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਲੌਂਗੋਵਾਲ ਅਤੇ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾਈ। ਇਕਾਈ ਪ੍ਰਧਾਨ ਬਲਜਿੰਦਰ ਲੌਂਗੋਵਾਲ ਨੇ ਦੱਸਿਆ ਕਿ ਪਿੰਡ ਵੱਲੋਂ ਮੋਰਚੇ ਵਿੱਚ ਜਾਣ ਲਈ ਅੱਠ ਟਰੈਕਟਰ-ਟਰਾਲੀਆਂ ਦਾ ਕਾਫ਼ਲਾ ਤਿਆਰ ਹੈ ਅਤੇ ਲੰਗਰ ਲਈ ਰਾਸ਼ਨ ਇਕੱਠਾ ਕਰਨ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ

Advertisement
Advertisement
×