ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਸਤੰਬਰ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਪਟਿਆਲਾ ਤੇ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਵਿੱਚ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿਦਿਆਰਥੀ ਵੀ ਸ਼ਮੂਲੀਅਤ ਕਰ ਰਹੇ ਹਨ। 28 ਸਤੰਬਰ ਤੱਕ ਲੱਗਣ ਵਾਲੀਆਂ ਇਨ੍ਹਾਂ ਪੁਸਤਕ ਪ੍ਰਦਰਸ਼ਨੀਆਂ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਵੱਖ ਵੱਖ ਸਮਾਗਮ ਉਲੀਕੇ ਜਾ ਰਹੇ ਹਨ। ਇਸ ਲੜੀ ਤਹਿਤ ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਦੋ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਪੁਸਤਕ ਪ੍ਰਦਰਸ਼ਨੀਆਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਸ਼ੇਰਾਂਵਾਲਾ ਗੇਟ ਵਿੱਚ ਸੰਯੁਕਤ ਡਾਇਰੈਕਟਰ ਵੀਰਪਾਲ ਕੌਰ ਤੇ ਸਹਾਇਕ ਡਾਇਰੈਕਟਰ ਸਤਨਾਮ ਸਿੰਘ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਅਨਾਰਦਾਨਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਸਕੂਲ ਦੇ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਚੀਫ਼ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਅੱਜ ਸਟੇਟ ਲਾਇਬਰੇਰੀ ਵਿੱਚ ਲੱਗੀ ਪੁਸਤਕ ਪ੍ਰਦਰਸ਼ਨੀ ਵਿੱਚ ਐੱਸ.ਡੀ.ਕੇ.ਐੱਸ. ਸਕੁੰਤਲਾ ਗਰਲਜ਼ ਸੈਕੰਡਰੀ ਸਕੂਲ ਤੇ ਸਰਕਾਰੀ ਸਮਾਰਟ ਹਾਈ ਸਕੂਲ ਸਨੌਰੀ ਗੇਟ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।