ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 5 ਫਰਵਰੀ
ਸਾਬਕਾ ਸੰਸਦ ਮੈਂਬਰ ਅਤੇ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੋਵੇਂ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਦੁਸ਼ਮਣ ਆਗੂ ਹਨ, ਜਿਨ੍ਹਾਂ ਦਾ ਮਨਸੂਬਾ ਸਿਰਫ ਤੇ ਸਿਰਫ ਪੰਜਾਬ ਤੇ ਪੰਜਾਬੀਆਂ ਨੂੰ ਲੁੱਟਣਾ ਹੈ। ਉਹ ਅੱਜ ਪਿੰਡ ਬਿੰਜਲ ਵਿੱਚ ਸਰਕਲ ਮਗਰ ਸਾਹਿਬ ਦੇ ਪ੍ਰਧਾਨ ਭਰਪੂਰ ਸਿੰਘ ਮਹਿਤਾਬਗੜ੍ਹ ਅਤੇ ਹੋਰ ਅਕਾਲੀ ਆਗੂਆਂ ਦੀ ਅਗਵਾਈ ਵਿੱਚ ਕਰਵਾਏ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਜਰੀਵਾਲ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰ ਰਿਹਾ ਹੈ, ਉਹ ਸਿਰਫ ਰਾਜਸੀ ਤਾਕਤ ਹਾਸਲ ਕਰਨ ਵਾਸਤੇ ਹੀ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ ਇਹ ਪੰਜਾਬ ਵਿਰੋਧੀ ਫੈਸਲੇ ਲੈਣਗੇ। ਇਸ ਲਈ ਪੰਜਾਬ ਦੇ ਲੋਕ ਇਸ ਲੋਟੂ ਟੋਲੇ ਨੂੰ ਮੂੰਹ ਨਾ ਲਾਉਣ। ਉਨ੍ਹਾਂ ਹਲਕਾ ਸਨੌਰ ਦੇ ਵੋਟਰਾਂ ਨਾਲ ਵਾਅਦਾ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਹਲਕਾ ਸਨੌਰ ਵਿੱਚ ਪੀਣ ਵਾਲੇ ਪਾਣੀ ਦੀ ਥੁੜ੍ਹ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਗੜ੍ਹੀ, ਜੋਗਾ ਸਿੰਘ ਪਨੌਦੀਆਂ, ਬਿਕਰਮ ਸਿੰਘ ਫਰੀਦਪੁਰ, ਗੁਰਬਖਸ਼ ਸਿੰਘ ਟਿਵਾਣਾ, ਰਾਜ ਕੁਮਾਰ ਆਦਿ ਮੌਜੂਦ ਸਨ।