ਗੁਰਪ੍ਰੀਤ ਸਿੰਘ
ਘਨੌਰ, 31 ਦਸੰਬਰ
ਬਹੁਜਨ ਸਮਾਜ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਜਨਰਲ ਸਕੱਤਰ ਬਲਦੇਵ ਸਿੰਘ ਮਹਿਰਾ, ਜੋਗਾ ਸਿੰਘ ਪਨੌਦੀਆਂ, ਜ਼ਿਲ੍ਹਾ ਪ੍ਰਧਾਨ ਕੇਸਰ ਸਿੰਘ ਬਖਸ਼ੀਵਾਲਾ ਅਤੇ ਐਡਵੋਕੇਟ ਜਸਪਾਲ ਸਿੰਘ ਕਾਮੀਂ ਦੀ ਅਗਵਾਈ ਵਿੱਚ ਸੈਂਕੜੇ ਪਾਰਟੀ ਵਰਕਰਾਂ ਦਾ ਕਾਫਲਾ ਹਲਕਾ ਘਨੌਰ ਵਿੱਚ ਪੈਂਦੇ ਸ਼ੰਭੂ ਅੱਡੇ ਤੋਂ ਦਿੱਲੀ-ਅੰਮ੍ਰਿਤਸਰ ਜੀ.ਟੀ ਰੋਡ ਰਾਹੀਂ ਦਿੱਲੀ ਦੇ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਬਸਪਾ ਕਾਰਕੁਨਾਂ ਵੱਲੋਂ ਖੇਤੀ ਕਾਨੁੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਹੋਰਾਂ ਬੁਲਾਰਿਆਂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਵਿੱਤੀ ਲਾਭ ਪਹੁੰਚਾਉਣ ਲਈ ਕਿਸਾਨਾਂ, ਮਜ਼ਦੂਰਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।