ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 25 ਅਪਰੈਲ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਵੱਲੋਂ ਅੱਜ ਇੱਥੋਂ ਦੇ ਫੋਕਲ ਪੁਆਇੰਟ ਸਥਿਤ ਕਰੀਬ ਡੇਢ ਦਰਜਨ ਤੋਂ ਵੱਧ ਫੈਕਟਰੀਆਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਦੇ ਰੋਸ ਵਜੋਂ ਮਾਈਕਰੋ ਸਮਾਲ ਐਂਡ ਮੀਡੀਅਮ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸ਼੍ਰੀਵਾਸਤਵਾ, ਅਭਿਸ਼ੇਕ ਗੁਪਤਾ, ਵਿਜੇ ਮਿਗਲਾਨੀ ਤੇ ਮਾਨ ਸਿੰਘ ਦੀ ਸਾਂਝੀ ਅਗਵਾਈ ਵਿੱਚ ਕਾਰੋਬਾਰੀਆਂ ਨੇ ਅੱਜ ਪਾਵਰਕੌਮ ਦੇ ਐਕਸੀਅਨ ਦਫਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਐਕਸੀਅਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨਾਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਉਦਯੋਗਿਕ ਇਕਾਈਆਂ ਦੇ ਕੁਝ ਬਿਜਲੀ ਬਿੱਲ ਬਕਾਇਆ ਸਨ ਪ੍ਰੰਤੂ ਸਬੰਧਤ ਐਕਸੀਅਨ ਵੱਲੋਂ ਨਿਯਮਾਂ ਮੁਤਾਬਕ ਉਨ੍ਹਾਂ ਨੂੰ 15 ਦਿਨਾਂ ਦੇ ਨੋਟਿਸ ਦਿੱਤੇ ਬਗੈਰ ਡੇਢ ਦਰਜਨ ਤੋਂ ਵੱਧ ਉਦਯੋਗਿਕ ਇਕਾਈਆਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ। ਇਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸ਼੍ਰੀਵਾਸਤਵਾ ਦਾ ਕਹਿਣਾ ਸੀ ਕਿ ਪਾਵਰਕੌਮ ਅਧਿਕਾਰੀਆਂ ਦੇ ਕਹਿਣ ਅਨੁਸਾਰ ਉਨ੍ਹਾਂ ਵੱਲੋਂ ਅੱਧੇ ਬਿਜਲੀ ਬਿੱਲ ਭਰ ਦਿੱਤੇ ਗਏ ਪ੍ਰੰਤੂ ਸਬੰਧਤ ਅਧਿਕਾਰੀਆਂ ਵੱਲੋਂ ਫਿਰ ਵੀ ਬਿਜਲੀ ਕੁਨੈਕਸ਼ਨ ਨਹੀਂ ਜੋੜੇ ਗਏ।
ਧਰਨਾਕਾਰੀ ਮੰਗ ਕਰ ਰਹੇ ਸਨ ਕਿ ਐਕਸੀਅਨ ਦੀਪਕ ਗੋਇਲ ਦਾ ਤਬਾਦਲਾ ਕੀਤਾ ਜਾਵੇੇ। ਐਕਸੀਅਨ ਦੀਪਕ ਗੋਇਲ ਦਾ ਕਹਿਣਾ ਸੀ ਕਿ ਇਨ੍ਹਾਂ ਸਾਰੇ ਕਾਰੋਬਾਰੀਆਂ ਨੂੰ ਜੋ ਬਿਜਲੀ ਬਿੱਲ ਭੇਜੇ ਜਾਂਦੇ ਹਨ, ਉਨ੍ਹਾਂ ਨੂੰ ਹੀ ਬਿਜਲੀ ਬਿੱਲ ਤੇ ਨੋਟਿਸ ਸਮਝਿਆ ਜਾਣਾ ਚਾਹੀਦਾ ਹੈ। ਬਿਜਲੀ ਬਿੱਲਾਂ ਦੀ ਅਦਾਇਗੀ ਸਬੰਧੀ ਕੋਈ ਵੱਖਰਾ ਨੋਟਿਸ ਨਹੀਂ ਭੇਜਿਆ ਜਾਂਦਾ। ਇਸੇ ਦੌਰਾਨ ਮੌਕੇ ’ਤੇ ਪੁੱਜੇ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ। ਕਾਰੋਬਾਰੀਆਂ ਦੇ ਬਿਜਲੀ ਕੁਨੈਕਸ਼ਨ ਦਾ ਮਾਮਲਾ ਉਨ੍ਹਾਂ ਵੱਲੋਂ ਰਾਜ ਦੇ ਬਿਜਲੀ ਮੰਤਰੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋੜੀਂਦੀ ਕਾਰਵਾਈ ਲਈ ਧਿਆਨ ਵਿੱਚ ਲਿਆਂਦਾ ਗਿਆ ਹੈ। ਇਸ ’ਤੇ ਕਾਰੋਬਾਰੀਆਂ ਨੇ ਧਰਨਾ ਚੁੱਕ ਦਿੱਤਾ।