ਅਸ਼ਵਨੀ ਗਰਗ
ਸਮਾਣਾ, 20 ਸਤੰਬਰ
ਡੀਸੀ ਸਾਕਸ਼ੀ ਸਾਹਨੀ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਵਿੱਦਿਅਕ ਸੰਸਥਾਵਾਂ ਵਿੱਚ ਲਿਜਾਣ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਪਬਲਿਕ ਕਾਲਜ ਸਮਾਣਾ ਤੋਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਜ਼ਿਲ੍ਹਾ ਪੁਲੀਸ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਤੇ ਆਪਣੇ ਕਾਰੋਬਾਰ ਕਰਨ ਦੇ ਮੌਕੇ ਦੇ ਰਹੀ ਹੈ ਪਰ ਲੋੜ ਹੈ ਕਿ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਟੀਚੇ ਮਿੱਥਣ ਤੇ ਮਿਹਨਤ ਕਰਨ। ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਹੋਏ ਵਿਅਕਤੀਆਂ ਦੀ ਮਦਦ ਕਰਨ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਪਟਿਆਲਾ ਵਿੱਚ ਸਾਕੇਤ ਨਸ਼ਾ ਮੁਕਤੀ ਕੇਂਦਰ ਵਿੱਚ ਸ਼ੁਰੂ ਕੀਤੀ ਗਈ ਹੈਲਪਲਾਈਨ 0175-2213385 ਦਾ ਲਾਭ ਲੈਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਵਿੱਚੋਂ ਇੱਕ ਸਾਲ ਦੇ ਅੰਦਰ ਨਸ਼ਿਆਂ ਦੀ ਜੜ੍ਹ ਪੁੱਟਣ ਦੇ ਕੀਤੇ ਐਲਾਨ ਪੂਰਾ ਕਰਨ ਲਈ ਵਿਦਿਆਰਥੀਆਂ ਦਾ ਸਹਿਯੋਗ ਲੈ ਕੇ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਦੁਵੱਲੇ ਸੰਵਾਦ ਪ੍ਰੋਗਰਾਮ ਮੌਕੇ ਡੀਸੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਖ਼ੁਦ ਦੂਰ ਰਹਿਣ ਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਕਰਵਾਇਆ। ਇਸ ਦੌਰਾਨ ਐੱਸ.ਡੀ.ਐੱਮ. ਚਰਨਜੀਤ ਸਿੰਘ, ਡੀ.ਐੱਸ.ਪੀ. ਨੇਹਾ ਅਗਰਵਾਲ, ਕਾਲਜ ਪ੍ਰਿੰਸੀਪਲ ਜਤਿੰਦਰ ਦੇਵ, ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਸ਼ਮਸ਼ੇਰ ਸਿੰਘ, ਡਾ. ਪੀ.ਐਸ ਸੰਧੂ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਵੀ ਨਸ਼ਿਆਂ ਵਿਰੁੱਧ ਵਿਚਾਰ ਪ੍ਰਗਟਾਏ।