Canteen Protest: ਪੰਜਾਬੀ ’ਵਰਸਿਟੀ ਦੀਆਂ ਕੰਟੀਨਾਂ ਬੰਦ ਕਰਵਾਈਆਂ
ਮਰਜ਼ੀ ਦੇ ਭਾਅ ਲਾਉਣ ਅਤੇ ਗੈਰਮਿਆਰੀ ਖਾਣਾ ਦੇਣ ਦੇ ਦੋਸ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੁਝ ਵਿਦਿਆਰਥੀ ਜਥੇਬੰਦੀਆਂ ਵੱਲੋਂ ਫੀਸਾਂ ’ਚ ਵਾਧੇ ਵਿਰੁੱਧ ਸੰਘਰਸ਼ ਚਲਾਉਣ ਮਗਰੋਂ ਹੁਣ ‘ਮਿਸਲ ਸਤਲੁਜ’ ਨੇ ਨਿਵੇਕਲੀ ਮੁਹਿੰਮ ਵਿੱਢੀ ਹੈ। ਜਥੇਬੰਦੀ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਨੇ ਯੂਨੀਵਰਸਿਟੀ ਕੈਂਪਸ ਵਿਚਲੀਆਂ ਕੰਟੀਨਾਂ ਵਿੱਚ ਵਿਦਿਆਰਥੀਆਂ ਤੋਂ ਕਥਿਤ ਰੂਪ ’ਚ ਮਨਮਰਜ਼ੀ ਦੇ ਭਾਅ ਵਸੂਲ ਕੇ ਕਥਿਤ ਗੈਰਮਿਆਰੀ ਵਸਤਾਂ ਪਰੋਸਣ ਸਣੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਦੇ ਰੋਸ ਵਜੋਂ ਅੱਜ ਯੂਨੀਵਰਸਿਟੀ ਕੈਂਪਸ ਦੀਆਂ ਕੰਟੀਨਾਂ ਬੰਦ ਕਰਵਾ ਦਿੱਤੀਆਂ ਗਈਆਂ। ਜਥੇਬੰਦੀ ਦੇ ਆਗੂ ਜਸਕਰਨ ਸਿੰਘ ਅਤੇ ਪ੍ਰੀਤ ਸ਼ਰਮਾ ਸਣੇ ਹੋਰਨਾਂ ਦੀ ਅਗਵਾਈ ਹੇਠ ਕੀਤੇ ਗਏ ਇਸ ਐਕਸ਼ਨ ਦੌਰਾਨ ਮਿਸਲ ਸਤਲੁਜ ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਵੀ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਕੁਝ ਕੰਟੀਨਾਂ ਵਿੱਚ ਖਾਣੇ ਦੀ ਗੁਣਵੱਤਾ ਬਹੁਤੀ ਚੰਗੀ ਨਹੀਂ ਹੈ ਤੇ ਫੇਰ ਵੀ ਵਿਦਿਆਰਥੀਆਂ ਤੋਂ ਮਨਮਰਜ਼ੀ ਦੇ ਰੇਟ ਵਸੂਲੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਜਾਣੂ ਕਰਵਾਉਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ । ਇਸ ਕਾਰਨ ਹੀ ਉਨ੍ਹਾਂ ਨੂੰ ਇਸ ਕਦਰ ਸੰਘਰਸ਼ ਦੇ ਰਾਹ ਪੈਣਾ ਪਿਆ ਹੈ। ਆਗੂਆਂ ਦਾ ਇਹ ਵੀ ਕਹਿਣਾ ਸੀ ਕਿ ਟੈਂਡਰਾਂ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਵੀ ਕੁਝ ਕੰਟੀਨਾਂ ਚਲਾਈਆਂ ਜਾ ਰਹੀਆਂ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਧਰ, ਕੰਟੀਨਾਂ ਨਾਲ ਸਬੰਧਤ ਨੁਮਾਇੰਦਿਆਂ ਨੇ ਗੈਰ ਮਿਆਰੀ ਵਸਤਾਂ ਪਰੋਸਣ ਦੇ ਦੋਸ਼ਾਂ ਨੂੰ ਨਕਾਰਿਆ ਹੈ।

