ਗੁਰਨਾਮ ਸਿੰਘ ਅਕੀਦਾ
ਪਟਿਆਲਾ, 16 ਸਤੰਬਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਉਨ੍ਹਾਂ ਪਟਿਆਲਾ ਦਾ ਰੱਤੀ ਭਰ ਵੀ ਵਿਕਾਸ ਨਹੀਂ ਕੀਤਾ। ਪ੍ਰਾਜੈਕਟਾਂ ਦੇ ਐਲਾਨ ਹੁੰਦੇ ਰਹੇ ਪਰ ਕੋਈ ਵੀ ਪ੍ਰਾਜੈਕਟ ਸਿਰੇ ਨਹੀਂ ਚੜ੍ਹਿਆ। ਸ੍ਰੀ ਜੌੜੇਮਾਜਰਾ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਜੱਸੀ ਸੋਹੀਆਂ ਨੂੰ ਪਟਿਆਲਾ ਜ਼ਿਲ੍ਹਾ ਦੇ ਵਿਕਾਸ ਲਈ ਬਣਾਈਆਂ ਜਾਂਦੀਆਂ ਯੋਜਨਾਵਾਂ ਤਹਿਤ ਪੂਰੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਤੋਂ ਮੁਕਤ ਇਮਾਨਦਾਰੀ ਨਾਲ ਚੱਲ ਰਹੀ ਸੂਬਾ ਸਰਕਾਰ ਵਿੱਚ ਮਿਹਨਤੀ ਤੇ ਇਮਾਨਦਾਰ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਅਹੁਦੇ ਦੇ ਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਜੱਸੀ ਸੋਹੀਆਂ ਵਾਲਾ ਨੂੰ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਾ ਵਿਕਾਸ ਕਰਾਉਣ ਲਈ ਤਤਪਰ ਹਨ। ਇਸ ਵੇਲੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਜੱਸੀ ਸੋਹੀਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਅਮਨਦੀਪ ਸਿੰਘ ਭੰਗੂ ਤੇ ਸੁਰਜੀਤ ਸਿੰਘ ਗਾਜੀਪੁਰ, ਬਲਦੇਵ ਸਿੰਘ ਦੇਵੀਗੜ੍ਹ ਵੀ ਮੌਜੂਦ ਸਨ।