ਗੁਰਨਾਮ ਸਿੰਘ ਚੌਹਾਨ
ਪਾਤੜਾਂ, 7 ਨਵੰਬਰ
ਸੋਸ਼ਲ ਮੀਡੀਆ ਉੱਤੇ ਵੱਟਸਐਪ ਗਰੁੱਪਾਂ ਵਿੱਚ ਸਿੱਖ ਧਰਮ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤੇ ਜਾਣ ਦੇ ਮਾਮਲੇ ਵਿੱਚ ਪਾਤੜਾਂ ਪੁਲੀਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਦੇ ਆਧਾਰ ਉੱਤੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਵਿਅਕਤੀ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਗਲਤ ਸਟੇਟਸ ਪਾ ਕੇ ਭੜਕਾਹਟ ਪੈਦਾ ਕੀਤੀ ਜਾ ਰਹੀ ਸੀ।
ਥਾਣਾ ਮੁਖੀ ਪਾਤੜਾਂ ਇੰਸਪੈਕਟਰ ਰਣਵੀਰ ਸਿੰਘ ਨੇ ਦੱਸਿਆ ਕਿ ਪੰਥਕ ਸੇਵਾ ਲਹਿਰ ਦਾਦੂਵਾਲ ਦੇ ਸੇਵਾਦਾਰ ਅਤੇ ਗੁਰਦੁਆਰਾ ਸੰਗਤਸਰ ਦੇ ਮੁਖੀ ਬਾਬਾ ਜੀਵਨ ਸਿੰਘ ਚੁਨਾਗਰਾ ਨੇ ਦਰਖ਼ਾਸਤ ਦਿੱਤੀ ਸੀ ਕਿ ਸੱਤਪਾਲ ਪੋਪਲੀ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਿੱਖ ਧਰਮ ਦੀ ਰਹਿਤ ਮਰਿਆਦਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਸੋਸ਼ਲ ਮੀਡੀਆ ਉੱਤੇ ਵੱਟਸਐਪ ਗਰੁੱਪਾਂ ਰਾਹੀਂ ਗ਼ਲਤ ਸਟੇਟਸ ਪਾ ਕੇ ਸਿੱਖ ਪੰਥ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਂਦਾ ਆ ਰਿਹਾ ਹੈ, ਜਿਸ ਕਾਰਨ ਸਿੱਖ ਧਰਮ ਨੂੰ ਮੰਨਣ ਵਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਕਤ ਸ਼ਿਕਾਇਤ ਉੱਤੇ ਪੜਤਾਲ ਕਰਨ ਮਗਰੋਂ ਸੱਤਪਾਲ ਪੋਪਲੀ ਵਾਸੀ ਪਾਤੜਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।