ਖੇਤਰੀ ਪ੍ਰਤੀਨਿਧ
ਪਟਿਆਲਾ, 22 ਦਸੰਬਰ
ਸੂਬੇ ਵਿੱਚ ਊਰਜਾ ਸੰਭਾਲ ਐਕਟ-2001 ਨੂੰ ਲਾਗੂ ਕਰਨ ਲਈ ਰਾਜ ਮਨੋਨੀਤ ਏਜੰਸੀ ਹੋਣ ਦੇ ਨਾਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਅੱਜ ਪੀਐੱਸਪੀਸੀਐੱਲ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਇਆ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਪੀਐੱਸਪੀਸੀਐੱਲ ਦੇ ਡਿਸਟ੍ਰੀਬਿਊਸ਼ਨ ਡਾਇਰੈਕਟਰ ਡੀਪੀਐਸ ਗਰੇਵਾਲ ਨੇ ਪੰਜਾਬ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਵਿਸ਼ੇ ’ਤੇ ਸੂਬੇ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ 14 ਦਸੰਬਰ ਨੂੰ ਦਿੱਤੇ ਸਟੇਟ ਪਰਫਾਰਮੈਂਸ ਐਵਾਰਡ ਵਿੱਚ ਪਹਿਲਾ ਇਨਾਮ ਪ੍ਰਾਪਤ ਕਰਨ ਲਈ ਪੇਡਾ ਦੀ ਸ਼ਲਾਘਾ ਕੀਤੀ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਇਸ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਪੇਡਾ ਦੇ ਡਾਇਰੈਕਟਰ ਐੱਮਪੀ ਸਿੰਘ ਵੱਲੋਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਪ੍ਰਦਰਸ਼ਨੀ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਬਚਾਈ ਗਈ ਊਰਜਾ ਬਾਰੇ ਵੀ ਚਾਨਣਾ ਪਾਇਆ