ਗੁਰਨਾਮ ਸਿੰਘ ਅਕੀਦਾ
ਪਟਿਆਲਾ, 25 ਜੂਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਅਤੇ ਸਾਲ 2026 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸ਼ਰਧਾ ਅਤੇ ਆਧੁਨਿਕ ਢੰਗ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਡਾ. ਜਗਦੀਪ ਸਿੰਘ ਅਤੇ ਹੋਰ ਵਿਦਵਾਨਾਂ ਦੀ ਕਮੇਟੀ ਨਾਲ ਮੀਟਿੰਗ ਕੀਤੀ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲਈ ਉਹ ਬਤੌਰ ਨਿਮਾਣੇ ਸਿੱਖ ਪੰਜਾਬ ਸਰਕਾਰ ਵੱਲੋਂ ਸੰਗਤ ਅਤੇ ਵਿਦਵਾਨਾਂ ਅਤੇ ਇਤਿਹਾਸਕ ਮਾਹਰਾਂ ਦੀਆਂ ਕਮੇਟੀਆਂ ਕੋਲੋਂ ਸੁਝਾਅ ਲੈ ਰਹੇ ਹਨ।
ਪੰਜਾਬੀ ਯੂਨੀਵਰਸਿਟੀ ਦੇ ਵੀਸੀ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਵੱਲੋਂ ਕਾਇਮ ਵਿਸ਼ੇਸ਼ ਕਮੇਟੀ ਦੇ ਮੈਂਬਰਾਂ ਪ੍ਰੋ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਡਾ. ਸੰਦੀਪ ਕੌਰ ਨੇ ਕੀਮਤੀ ਸੁਝਾਅ ਦਿੱਤੇ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਗਏ ਵੱਖ-ਵੱਖ ਸੁਝਾਵਾਂ ਦਾ ਸਵਾਗਤ ਕਰਦਿਆਂ ਸਪੀਕਰ ਸ੍ਰੀ ਸੰਧਵਾਂ ਨੇ ਕਿਹਾ ਕਿ ਪ੍ਰਾਪਤ ਹੋਏ ਇਹ ਸਾਰੇ ਸੁਝਾਅ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਨ੍ਹਾਂ ਉਪਰ ਕੰਮ ਕੀਤਾ ਜਾਵੇਗਾ।