ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਹੜ੍ਹਾਂ ਕਾਰਨ ਹੋ ਰਹੇ ਪੰਜਾਬੀਆਂ ਦੇ ਮਾਲੀ ਤੇ ਜਾਨੀ ਨੁਕਸਾਨ ਲਈ ਕੇਂਦਰ ਦੀ ਮੌਜੂਦਾ ਮੋਦੀ ਹਕੂਮਤ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ’ਤੇ ਬਣਿਆ ਰਣਜੀਤ ਸਾਗਰ ਡੈਮ ਦਾ ਪੂਰਨ ਕੰਟਰੋਲ ਕੇਂਦਰ ਸਰਕਾਰ ਕੋਲ ਹੈ, ਜੋ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਅਤੇ ਲੋਕਾਂ ਨੂੰ ਜਾਣਕਾਰੀ ਦੇਣ ਤੋਂ ਬਿਨਾਂ ਡੈਮ ਦੇ ਮਾਧੋਪੁਰ ਹੈੱਡ ਵਰਕਸ ਦੇ ਸਾਰੇ ਗੇਟ ਖੋਲ੍ਹ ਕੇ ਮਾਝਾ, ਦੋਆਬਾ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਕਪੂਰਥਲਾ ਅਤੇ ਜਲੰਧਰ ਆਦਿ ਜ਼ਿਲ੍ਹਿਆਂ ਦੇ ਹਜ਼ਾਰਾਂ ਪਿੰਡਾਂ ਦੇ ਘਰਾਂ ਅਤੇ ਡੰਗਰ ਮਾਲ ਨੂੰ ਡਬੋਇਆ ਹੈ, ਪੰਜਾਬੀਆਂ ਦਾ ਮਾਲੀ ਤੇ ਜਾਨੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵਾਰ-ਵਾਰ ਆਉਂਦੇ ਹੜ੍ਹਾਂ ਦੇ ਕਾਰਨਾਂ ਦੀ ਜਾਂਚ ਕਰਨ ਦੀ ਲੋੜ ਹੈ।