ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ
ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਆਰੰਭ ਹੋ ਗਈ ਹੈ। ਇਸ ਲੜੀ ਤਹਿਤ ‘ਸ਼ਹਾਦਤ ਦਾ ਸੰਕਲਪ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ’ ਬਾਰੇ ਪਲੇਠਾ ਭਾਸ਼ਣ ਕਰਵਾਇਆ ਗਿਆ। ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ਬਾਰੇ ਵਿਭਾਗ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਇਹ ਭਾਸ਼ਣ ਸਨੀ ਓਬਰਾਏ ਵਿਵੇਕ ਸਦਨ, ਫਿਊਚਰਿਸਟਿਕ ਯੂਨੀਵਰਸਿਟੀ ਸ੍ਰੀ ਆਨੰਦਪੁਰ ਸਾਹਿਬ ਦੇ ਉਪ-ਕੁਲਪਤੀ ਪ੍ਰੋ. ਸਰਬਜਿੰਦਰ ਸਿੰਘ ਵੱਲੋਂ ਦਿੱਤਾ ਗਿਆ। ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਵੱਖ-ਵੱਖ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ।
ਡਾ. ਸਰਬਜਿੰਦਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਨੂੰ ਦੁਨੀਆ ਦੇ ਬਾਕੀ ਧਰਮਾਂ ਵਿੱਚ ਦਿੱਤੇ ‘ਸ਼ਹੀਦੀ’ ਦੇ ਸੰਕਲਪ ਨਾਲੋਂ ਬਿਲਕੁਲ ਵਿਲੱਖਣ ਅਤੇ ਅਦੁੱਤੀ ਦੱਸਿਆ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹਾਦਤ ਦਾ ਸੰਕਲਪ ਹੋਰ ਧਰਮਾਂ ਵਿੱਚ ਵੀ ਹੈ ਪਰ ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਦਾ ਸੰਕਲਪ ਸ੍ਰੇਸ਼ਠਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਸਿਰਫ਼ ਇੱਕ ਧਰਮ ਦੀ ਨਾ ਹੋ ਕੇ ਪੂਰੀ ਮਾਨਵਤਾ ਲਈ ਸੀ। ਡੀਨ, ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਸਵਾਗਤੀ ਸ਼ਬਦਾਂ ਦੌਰਾਨ ਆਪਣੇ ਭਾਵ ਸਾਂਝੇ ਕਰਦਿਆਂ ਮਨੁੱਖੀ ਜੀਵਨ ਵਿੱਚ ਗੁਰੂ ਸਾਹਿਬ ਦੀ ਬਾਣੀ ਨੂੰ ਅਪਣਾਉਣ ਦੀ ਗੱਲ ਕੀਤੀ। ਸਮਾਗਮ ਦੇ ਅੰਤ ਵਿੱਚ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਯੂਨੀਵਰਸਿਟੀ ਵਿੱਚ ਆਰੰਭ ਕੀਤੀ ਪ੍ਰੋਗਰਾਮ ਲੜੀ ਬਾਰੇ ਜਾਣਕਾਰੀ ਦਿੰਦਿਆਂ ਇਤਿਹਾਸ ਅਤੇ ਸਿੱਖ ਇਤਿਹਾਸ ਅਧਿਐਨ ਵਿਭਾਗ ਦੇ ਪ੍ਰੋਫ਼ੈਸਰ ਡਾ. ਦਲਜੀਤ ਸਿੰਘ ਨੇ ਇਸ ਦੇ ਮਨੋਰਥ ਬਾਰੇ ਦੱਸਿਆ। ਅੰਤ ਵਿੱਚ ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪ੍ਰੋ. ਸਰਬਜਿੰਦਰ ਸਿੰਘ ਦੇ ਸਨਮਾਨ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਸੰਪਰਦਾ ਤੋਂ ਉਚੇਚੇ ਤੌਰ ’ਤੇ ਸ਼ਾਮਲ ਹੋਏ ਐੱਸਐੱਸ ਪਾਹਵਾ ਅਤੇ ਡਾ. ਕਾਬਲ ਸਿੰਘ, ਸਾਬਕਾ ਪ੍ਰੋਫ਼ੈਸਰ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦਾ ਵੀ ਸਨਮਾਨ ਕੀਤਾ ਗਿਆ।