ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 8 ਅਗਸਤ
ਨੌਵੇਂ ਪਾਤਸ਼ਾਹ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰੂ ਕਾ ਬਾਗ ਮੋਰਚੇ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਹੈੱਡ ਗ੍ਰੰਥੀ ਭਾਈ ਪ੍ਰਨਾਮ ਵੱਲੋਂ ਅਰਦਾਸ ਕੀਤੀ ਗਈ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਕਾ ਬਾਗ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਕਾਲੀਆਂ ਵੱਲੋਂ ਲਗਾਇਆ ਗਿਆ ਗੁਰੂ ਕਾ ਬਾਗ ਦਾ ਮੋਰਚੇ ਗੁਰਦੁਆਰਾ ਸੁਧਾਰ ਲਹਿਰ ਦੇ ਇਤਿਹਾਸ ਵਿੱਚ ਇਕ ਮੀਲ ਪੱਥਰ ਸਾਬਤ ਹੋਇਆ ਅਤੇ ਸਿੱਖਾਂ ਨੇ ਸ਼ਾਂਤਮਈ ਰਹਿ ਕੇ ਅਹਿੰਸਾ ਦੇ ਵਿਰੁੱਧ ਸਫਲਤਾਪੂਰਵਕ ਜਿੱਤ ਹਾਸਲ ਕੀਤੀ ਅਤੇ ਅੰਗਰੇਜ਼ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ ਸਨ।
ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਪ੍ਰੋ. ਪਰਮਵੀਰ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਮਨਪ੍ਰੀਤ ਸਿੰਘ ਮਨੀ ਭੰਗੂ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ,ਆਤਮ ਪ੍ਰਕਾਸ਼ ਸਿੰਘ, ਗੁਰਤੇਜ ਸਿੰਘ, ਮਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ।