ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਗਸਤ
ਨਗਰ ਨਿਗਮ ਦੀ ਸਿਹਤ ਸ਼ਾਖਾ ਨੇ ਬੱਸ ਸਟੈਂਡ ਦੇ ਨਾਲ ਲੱਗਦੇ ਦੋ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਪਾਬੰਦੀਸ਼ੁਦਾ ਮੀਟ ਬਰਾਮਦ ਕਰ ਕੇ ਉਸ ਨੂੰ ਨਸ਼ਟ ਕੀਤਾ। ਨਿਗਮ ਕਮਿਸ਼ਨਰ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਫ਼ਰੀਕਨ ਸਵਾਈਨ ਫਲੂ ਦਾ ਕਹਿਰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਪਹਿਲਾਂ ਹੀ ਧਾਰਾ-144 ਲਾਗੂ ਕਰ ਦਿੱਤੀ ਹੈ। ਜ਼ਿਲ੍ਹੇ ਭਰ ਵਿੱਚ ਕਿਸੇ ਵੀ ਸੂਰ ਪਾਲਕ ਵੱਲੋਂ ਸੂਰ ਨੂੰ ਇੱਕ ਥਾਂ ਤੋਂ ਦੂਜੀ ਥਾਂ ’ਤੇ ਲਿਜਾਣ ’ਤੇ ਮੁਕੰਮਲ ਪਾਬੰਦੀ ਹੈ, ਨਾਲ ਹੀ ਪਾਬੰਦੀਸ਼ੁਦਾ ਮੀਟ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨੇ ਦੀ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨਿਗਮ ਦੀ ਸਿਹਤ ਟੀਮ ਨੇ ਬੱਸ ਸਟੈਂਡ ਦੇ ਬਾਹਰ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਟੀਮ ਨੇ ਦੋ ਦੁਕਾਨਦਾਰਾਂ ਕੋਲੋਂ ਪਾਬੰਦੀਸ਼ੁਦਾ ਮੀਟ ਬਰਾਮਦ ਕਰ ਕੇ ਨਸ਼ਟ ਕਰ ਦਿੱਤਾ। ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਸਮੂਹ ਸੂਰ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਅਫਰੀਕਨ ਸਵਾਈਨ ਫਲੂ ਦੀ ਰੋਕਥਾਮ ਲਈ ਉਹ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਸਲਾਹ ਅਨੁਸਾਰ ਹੀ ਸੂਰਾਂ ਦੀ ਦੇਖਭਾਲ ਕਰਨ।