ਗੁਰਪ੍ਰੀਤ ਸਿੰਘ
ਘਨੌਰ, 22 ਜਨਵਰੀ
ਪਿੰਡ ਚਮਾਰੂ ਦੀ ਪੰਚਾਇਤੀ ਜ਼ਮੀਨ ਵਿੱਚੋਂ ਨਾਜਾਇਜ ਤੌਰ ’ਤੇ ਮਾਇਨਿੰਗ ਕੀਤੇ ਜਾਣ ਸਬੰਧੀ ਮਾਮਲਾ ਚਰਚਾ ਵਿੱਚ ਆਉਣ ’ਤੇ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਪਿੰਡ ਚਮਾਰੂ ਵਾਸੀਆਂ ਅਤੇ ਕਾਂਗਰਸ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਬਲਾਕ ਸਮਿਤੀ ਮੈਂਬਰ ਗੁਰਵਿੰਦਰ ਸਿੰਘ, ਬਲਰਾਜ ਸਿੰਘ ਨੌਸ਼ਹਿਰਾ ਸਮੇਤ ਹੋਰਨਾਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੌੜੀ ਰਾਜਨੀਤੀ ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਈ ਜਾ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਜਦੋਂਕਿ ਪਿੰਡ ਚਮਾਰੂ ਦੇ ਪੰਚਾਇਤੀ ਛੱਪੜਾਂ ਵਿੱਚ ਪੁੱਟੀ ਗਈ ਮਿੱਟੀ ਨੂੰ ਵਿਭਾਗੀ ਪ੍ਰਵਾਨਗੀ ਅਨੁਸਾਰ ਪਿੰਡ ਦੀਆਂ ਸਾਂਝੀਆਂ ਥਾਵਾਂ ’ਤੇ ਭਰਤ ਪਾ ਕੇ ਵਿਕਾਸ ਕਾਰਜਾਂ ਲਈ ਵਰਤਿਆ ਗਿਆ ਹੈ। ਆਪ ਦੇ ਆਗੂਆਂ ਵੱਲੋਂ ਪਿੰਡਾਂ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਲਕੇ ਦੇ ਲੋਕ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਐਨਪੀ ਸਿੰਘ ਪੱਬਰੀ, ਜਗਰੂਪ ਸਿੰਘ ਹੈਪੀ ਸੇਹਰਾ, ਗੁਰਨਾਮ ਸਿੰਘ ਭੂਰੀਮਾਜਰਾ ਆਦਿ ਹਾਜ਼ਰ ਸਨ।