ਖੇਤਰੀ ਪ੍ਰਤੀਨਿਧ
ਪਟਿਆਲਾ, 20 ਅਕਤੂਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਵਿਦਿਆਰਥੀ ਜਥੇਬੰਦੀ ਸੈਫ਼ੀ, ਐੱਨਐੱਸਯੂਆਈ, ਡੀਐੱਸਓ, ਸੀਵਾਈਐੱਸਐੱਸ ਨੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਤੋਂ ਲੈਕੇ ਮੁੱਖ ਗੇਟ ਤੱਕ ਰੋਸ ਮਾਰਚ ਕੀਤਾ। ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕੀਤਾ ਤੇ ਨਾਅਰੇਬਾਜ਼ੀ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕਿਆ। ਸੈਫ਼ੀ ਦੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਯੂਨੀਵਰਸਿਟੀ ਦੇ ਅਧਿਕਾਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕਰ ਰਹੇ ਹਨ ਜਿਨ੍ਹਾਂ ਦੇ ਖ਼ਿਲਾਫ਼ ਸਮੂਹ ਜਥੇਬੰਦੀਆਂ 17 ਦਿਨਾਂ ਤੋਂ ਡੀਨ ਵਿਦਿਆਰਥੀ ਭਲਾਈ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠੀਆਂ ਹਨ।
ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਭ੍ਰਿਸ਼ਟ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਬਚਾਉਣ ਵਿੱਚ ਲੱਗੇ ਹੋਏ ਹਨ। ਇਸ ਮੌਕੇ ਸੈਫ਼ੀ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਦਰਜਨਾਂ ਅਜਿਹੇ ਕਥਿਤ ਘਪਲੇ ਹਨ ਜਿਨ੍ਹਾਂ ਖ਼ਿਲਾਫ਼ ਕਾਰਵਾਈ ਦੀ ਲੋੜ ਹੈ। ਐੱਨਐੱਸਯੂਆਈ ਦੇ ਯੂਨੀਵਰਸਿਟੀ ਇੰਚਾਰਜ ਰਣਜੀਤ ਸਿੰਘ ਨੇ ਕਿਹਾ ਕਿ ਇਹ ਸੰਘਰਸ਼ ਵਿਦਿਆਰਥੀਆਂ ਨੂੰ ਹੋਸਟਲ ਦਿਵਾਉਣ ਲਈ, ਹੋਸਟਲਾਂ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ, ਬੱਸ ਪਾਸ ਦੀ ਸਮੱਸਿਆ ਅਤੇ ਖਾਣੇ ਦੇ ਵਧੇ ਰੇਟਾਂ ਨੂੰ ਵਾਪਸ ਕਰਵਾਉਣ ਤੱਕ ਜਾਰੀ ਰਹੇਗਾ।
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜੇਕਰ ਉਪ ਕੁਲਪਤੀ ਵੱਲੋਂ ਡੀਨ ਵਿਦਿਆਰਥੀ ਭਲਾਈ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਰਾਜਿੰਦਰਾ ਹਸਪਤਾਲ ਦੇ ਨਰਸਿੰਗ ਸਟਾਫ ਵੱਲੋਂ ਧਰਨਾ
ਰਾਜਿੰਦਰਾ ਹਸਪਤਾਲ ਪਟਿਆਲਾ ਦੇ ਨਰਸਿੰਗ ਸਟਾਫ ਨੇ ਪ੍ਰਧਾਨ ਕਰਮਜੀਤ ਕੌਰ ਔਲਖ ਦੀ ਅਗਵਾਈ ਹੇਠ ਅੱਜ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਸਟਾਫ ਦਾ ਤਰਕ ਸੀ ਕਿ ਉਨ੍ਹਾਂ ਤੋਂ ਲੋੜ ਤੋਂ ਵਧ ਕੰਮ ਲਿਆ ਜਾਂਦਾ ਹੈ ਪਰ ਫਿਰ ਵੀ ਦੋਸ਼ ਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ ਸੀ। ਮੁੱਖ ਮੰਤਰੀ ਨੂੰ ਕੁਝ ਮਰੀਜ਼ਾਂ ਨੇ ਖਿਆਲ ਨਾ ਰੱਖੇ ਜਾਣ ਦੀ ਸ਼ਿਕਾਇਤ ਕੀਤੀ ਸੀ। ਹਸਪਤਾਲ ਦੇ ਅਧਿਕਾਰੀ ਨੇ ਨਰਸਿੰਗ ਤੇ ਹੇਠਲੇ ਸਾਫ਼ ਵੱਲੋਂ ਢੁੱਕਵੀਂ ਡਿਊਟੀ ਨਾ ਨਿਭਾਉਣ ਦੀ ਗੱਲ ਆਖੀ ਸੀ ਜਿਸ ਕਾਰਨ ਅੱਜ ਨਰਸਿੰਗ ਸਟਾਫ ਅਤੇ ਹੋਰਨਾਂ ਮੁਲਾਜ਼ਮਾਂ ਦਾ ਰੋਹ ਭਖ ਗਿਆ। ਪ੍ਰਧਾਨ ਕਰਮਜੀਤ ਔਲਖ ਨੇ ਇਹ ਗੱਲ ਸਪੱਸ਼ਟ ਰੂਪ ਵਿਚ ਆਖੀ ਕਿ ਲੋੜ ਤੋਂ ਵੱਧ ਕੰਮ ਲੈਣ ਦੇ ਬਾਵਜੂਦ ਵੀ ਅਧਿਕਾਰੀ ਵੱਲੋਂ ਉਨ੍ਹਾਂ ’ਤੇ ਢੁੱਕਵੀਂ ਡਿਊਟੀ ਨਾ ਦੇਣ ਦੇ ਇਲਜ਼ਾਮ ਲਾਏ ਜਾ ਰਹੇ ਹਨ ਜਿਸ ਕਰਕੇ ਸਮੁੱਚੇ ਨਰਸਿੰਗ ਸਟਾਫ ਵਿਚ ਰੋਸ ਪਾਇਆ ਜਾ ਰਿਹਾ ਹੈ। ਬਾਅਦ ਵਿਚ ਨਰਸਿੰਗ ਸਟਾਫ ਦੀ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਹੋਈ ਜਿਸ ਮਗਰੋਂ ਧਰਨਾ ਚੁੱਕ ਦਿੱਤਾ ਗਿਆ।