ਖੇਤਰੀ ਪ੍ਰਤੀਨਿਧ
ਪਟਿਆਲਾ, 18 ਜਨਵਰੀ
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਬਾਅਦ ਪਟਿਆਲਾ ਜ਼ਿਲ੍ਹੇ ਦੀਆਂ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ ਮੁਕੰਮਲ ਕਰਵਾਇਆ ਜਾਵੇਗਾ। ਇਨ੍ਹਾਂ ਚੋਣਾਂ ਲਈ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।