ਡਾਇਰੀਆ ਫੈਲਣ ਤੋਂ ਰੋਕਣ ਲਈ ਕਮੇਟੀ ਕਾਇਮ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਜੁਲਾਈ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਡਾਇਰੀਆ ਪ੍ਰਭਾਵਿਤ ਇਲਾਕੇ ਅਲੀਪੁਰ ਅਰਾਈਆਂ, ਹੈਲਥ ਤੇ ਵੈੱਲਨੈੱਸ ਸੈਂਟਰ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ ਕੀਤਾ। ਇਸ ਮਗਰੋਂ ਉਨ੍ਹਾਂ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤੇਂਦਰ ਕੌਰ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਡਾਇਰੀਆ ਦੇ ਕੇਸਾਂ ਦਾ ਜਾਇਜ਼ਾ ਲਿਆ। ਡਾ. ਪ੍ਰੀਤੀ ਯਾਦਵ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਾਇਰੀਆ ਦੇ ਮਾਮਲੇ ਵਧਣ ਤੋਂ ਰੋਕਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਡਾਇਰੀਆ ਦੇ ਕਾਰਨਾਂ ਦਾ ਪਤਾ ਲਾਉਣ ਸਮੇਤ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਐੱਸਡੀਐੱਮ ਦੀ ਅਗਵਾਈ ਹੇਠ ਕਮੇਟੀ ਦਾ ਵੀ ਗਠਨ ਕੀਤਾ, ਜਿਸ ’ਚ ਜਲ ਸਪਲਾਈ ਤੇ ਸੀਵਰੇਜ ਬੋਰਡ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ। ਜਾਣਕਾਰੀ ਅਨੁਸਾਰ ਡਾ. ਪ੍ਰੀਤੀ ਯਾਦਵ ਨੇ ਅਲੀਪੁਰ ਅਰਾਈਆਂ ਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਦੌਰੇ ਦੌਰਾਨ ਡਾਇਰੀਆ ਤੋਂ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੇ ਇਲਾਜ ਬਾਰੇ ਜਾਇਜ਼ਾ ਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਆਪਣੇ ਘਰਾਂ ਵਿੱਚ ਪਾਣੀ ਦੀ ਗ਼ੈਰ-ਕਾਨੂੰਨੀ ਸਪਲਾਈ ਨਾ ਚਲਾਉਣ ਉਥੇ ਹੀ ਬਰਸਾਤ ਦੇ ਮੌਸਮ ’ਚ ਦੂਸ਼ਿਤ ਪਾਣੀ ਪੀਣ ਤੋਂ ਬਚਣ ਲਈ ਕਲੋਰੀਨ ਦੀਆਂ ਗੋਲੀਆਂ ਵਾਲਾ ਅਤੇ ਉੱਬਲਿਆ ਪਾਣੀ ਪੀਣ ਨੂੰ ਹੀ ਤਰਜੀਹ ਦੇਣ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਸਮੇਤ ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਅਲੀਪੁਰ ਅਰਾਈਆਂ ਵਿੱਚ ਪਾਣੀ ਦੀ ਸਪਲਾਈ ’ਚ ਸੀਵਰੇਜ ਦਾ ਗੰਦਾ ਪਾਣੀ ਮਿਲਣ ਤੋਂ ਰੋਕਣ ਲਈ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸ਼ਹਿਰ ਸਮੇਤ ਜ਼ਿਲ੍ਹੇ ’ਚ ਹੋਰ ਵੀ ਹੌਟਸਪੌਟ ਇਲਾਕਿਆਂ ’ਚ ਵੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜਾਗਰੂਕਤਾ ਕੈਂਪ ਲਾਉਣ ਸਮੇਤ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾਣ।