ਹੜ੍ਹ ਪੀੜਤ ਪਰਿਵਾਰਾਂ ਨੂੰ 1.73 ਕਰੋੜ ਦੇ ਮੁਆਵਜ਼ਾ ਦਸਤਾਵੇਜ਼ ਸੌਂਪੇ
ਪਾਰਦਰਸ਼ੀ ਪ੍ਰਕਿਰਿਆ ਨਾਲ ਬਾਕੀ ਪਰਿਵਾਰਾਂ ਨੂੰ ਵੀ ਜਲਦ ਰਾਹਤ ਦੇਣ ਦਾ ਭਰੋਸਾ
ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਆਰਥਿਕ ਬਹਾਲੀ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਮਿਸ਼ਨ ਚੜ੍ਹਦੀ ਕਲਾ’ ਮੁਹਿੰਮ ਤਹਿਤ ਹਲਕਾ ਰਾਜਪੁਰਾ ਦੇ ਪਿੰਡ ਖਰਾਜਪੁਰ ਵਿੱਚ ਵਿਧਾਇਕਾ ਨੀਨਾ ਮਿੱਤਲ ਨੇ 38 ਵਿੱਚੋਂ ਪਹਿਲੇ ਪੜਾਅ ਦੇ 10 ਹੜ੍ਹ ਪੀੜਤ ਪਰਿਵਾਰਾਂ ਨੂੰ ਕੁੱਲ 1 ਕਰੋੜ 73 ਲੱਖ ਰੁਪਏ ਦੇ ਮੁਆਵਜ਼ੇ ਦੇ ਦਸਤਾਵੇਜ਼ ਤਕਸੀਮ ਕੀਤੇ। ਇਸ ਮੌਕੇ ਐਸ.ਡੀ.ਐਮ. ਅਵਿਕੇਸ਼ ਗੁਪਤਾ ਸਮੇਤ ਅਧਿਕਾਰੀ ਮੌਜੂਦ ਸਨ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮਾਨ ਸਰਕਾਰ ਨੇ ਮੁਆਵਜ਼ਾ ਵੰਡ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾ ਕੇ ਯਕੀਨੀ ਬਣਾਇਆ ਹੈ ਕਿ ਕੋਈ ਵੀ ਹੜ੍ਹ ਪੀੜਤ ਪਰਿਵਾਰ ਬਿਨਾ ਰਾਹਤ ਰਕਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੇਵਲ 30 ਦਿਨਾਂ ਦੇ ਅੰਦਰ ਰਕਮ ਦੀ ਵੰਡ ਕਰਕੇ ਪੰਜਾਬ ਨੇ ਪੂਰੇ ਦੇਸ਼ ਅੱਗੇ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਸਿਰਫ਼ ਹੜ੍ਹ ਪੀੜਤਾਂ ਦੀ ਸਹਾਇਤਾ ਨਹੀਂ ਸਗੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪਰਿਵਾਰਾਂ ਨੂੰ ਮੁੜ ਚੜ੍ਹਦੀ ਕਲਾ ਵਿੱਚ ਲਿਆਉਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਮਾਂਬੱਧ ਮੁਆਵਜ਼ਾ ਰਾਸ਼ੀ ਨਾਲ ਕਿਸਾਨਾਂ ਨੂੰ ਅਗਲੀ ਹਾੜ੍ਹੀ ਦੀ ਫਸਲ ਲਈ ਵੱਡਾ ਆਸਰਾ ਮਿਲਿਆ ਹੈ। ਵਿਧਾਇਕਾ ਨੇ ਭਰੋਸਾ ਦਿਵਾਇਆ ਕਿ ਬਾਕੀ ਪਰਿਵਾਰਾਂ ਨੂੰ ਵੀ ਜਲਦ ਰਾਹਤ ਰਕਮ ਜਾਰੀ ਕੀਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ ਗਿਆ।