ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 3 ਜਨਵਰੀ
ਰਾਜ ਸਿੱਖਿਆ ਖੋਜ ਤੇ ਸਿਖਲਾਈ ਪਰਿਸ਼ਦ (ਐਸ.ਸੀ.ਈ.ਆਰ.ਟੀ.) ਪੰਜਾਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਲਈ ਗਈ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 4,083 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਦਸਵੀਂ ਜਮਾਤ ਦੇ 2005 ਅਤੇ ਅੱਠਵੀਂ ਜਮਾਤ ਦੇ 2078 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਕਰਵਾਈ ਗਈ ਰਾਜ ਪੱਧਰੀ ਉਕਤ ਪ੍ਰੀਖਿਆ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਪੂਰੇ ਅਨੁਸ਼ਾਸਨ ਨਾਲ ਨੇਪਰੇ ਚੜ੍ਹੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਕੁਆਲੀਫ਼ਾਈ ਕਰਨ ਵਾਲੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੱਕ ਅਤੇ ਦਸਵੀਂ ਜਮਾਤ ਵਾਲੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਮਿਲਦਾ ਹੈ। ਡੀ.ਈ.ਓ. (ਸੈ.) ਨੇ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਸਬੰਧੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ, ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ’ਤੇ ਅਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ, ਜਿਸ ਤੋਂ ਵਧੀਆ ਨਤੀਜੇ ਆਉਣ ਦੀ ਉਮੀਦ ਬੱਝਦੀ ਹੈ।