ਗੁਰੂ ਤੇਗ ਬਹਾਦਰ ਨੂੰ ਸਮਰਪਿਤ ਕਾਨਫਰੰਸ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਸ਼ੁਰੂ ਹੋ ਗਈ ਹੈ। ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਹੈ ਇਸ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੇ ਦੁਨੀਆਂ ਨੂੰ ਧਾਰਮਿਕ ਸੁਤੰਤਰਤਾ ਅਤੇ ਧਰਮ ਨਿਰਪੱਖਤਾ ਦਾ ਵੱਡਾ ਸੰਦੇਸ਼ ਦਿੱਤਾ ਹੈ। ਪ੍ਰਧਾਨਗੀ ਭਾਸ਼ਣ ’ਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ ਵਿੱਚ ਕਿਤੇ ਹੋਰ ਨਹੀਂ ਮਿਲਦੀ। ਪੰਜਾਬੀ ਯੂਨੀਵਰਸਿਟੀ ਦੀ ਕੋਸ਼ਿਸ਼ ਹੈ ਕਿ ਵੱਖ-ਵੱਖ ਵੰਨਗੀ ਦੇ ਪ੍ਰੋਗਰਾਮਾਂ ਜ਼ਰੀਏ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਦੁਨੀਆਂ ਭਰ ਤੱਕ ਪਹੁੰਚਾ ਸਕੀਏ। ਡਾ. ਗੁਰਿੰਦਰ ਸਿੰਘ ਮਾਨ ਵੱਲੋਂ ਆਪਣੇ ਭਾਸ਼ਣ ਰਾਹੀਂ ਗੁਰਮਤਿ ਫ਼ਲਸਫ਼ੇ ਦੀਆਂ ਵੱਖ-ਵੱਖ ਪਰਤਾਂ ਬਾਰੇ ਇਤਿਹਾਸਕ ਹਵਾਲਿਆਂ ਨਾਲ ਗੱਲ ਕਰਦਿਆਂ ਇਸ ਦੀ ਆਧੁਨਿਕ ਸਮੇਂ ਤਾਜ਼ਾ ਸਥਿਤੀ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਵਿਭਾਗ ਮੁਖੀ ਡਾ. ਸੰਦੀਪ ਕੌਰ ਨੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸਰੋਤਾਂ ਤੋਂ ਮਿਲਦੀ ਜਾਣਕਾਰੀ ਬਾਰੇ ਗੱਲ ਕੀਤੀ। ਡੀਨ ਖੋਜ ਡਾ. ਰਿਤੂ ਲਹਿਲ ਵੱਲੋਂ ਉਦਘਾਟਨੀ ਸੈਸ਼ਨ ਦਾ ਸਵਾਗਤੀ ਭਾਸ਼ਣ ਦਿੱਤਾ ਗਿਆ। ਵੱਖ-ਵੱਖ ਸੈਸ਼ਨਾਂ ਦੇ ਪ੍ਰੈਜ਼ੀਡੈਂਟਸ. ਅਰੁਣ ਕੁਮਾਰ, ਡਾ. ਜਸਪਾਲ ਕਾਂਗ, ਡਾ. ਅਮਨਦੀਪ ਬਲ, ਡਾ. ਜਸਵਿੰਦਰ ਕੌਰ ਢਿੱਲੋਂ, ਡਾ. ਜਸਪਾਲ ਕੌਰ ਧੰਜੂ ਨੂੰ ਸਨਮਾਨਿਤ ਕੀਤਾ ਗਿਆ।
