ਗੁਰਨਾਮ ਸਿੰਘ ਚੌਹਾਨ
ਪਾਤੜਾਂ, 28 ਫਰਵਰੀ
ਮੋਦੀ ਸਰਕਾਰ ਖਿਲਾਫ਼ ਚੱਲ ਰਹੇ ਕਿਸਾਨ ਘੋਲ ਦੌਰਾਨ ਲੋਕ ਸੰਘਰਸ਼ ਕਮੇਟੀ ਵੱਲੋਂ ਵਿਦਿਆਰਥੀ ਲਹਿਰ ਦੇ ਸ਼ਹੀਦ ਜਰਨੈਲ ਸਿੰਘ ਜੈਲੀ ਦੀ ਦਸਵੀਂ ਬਰਸੀ ਮਨਾਈ ਗਈ। ਇਹ ਸਮਾਗਮ ਗੁਲਾਬ ਸਿੰਘ, ਡਾ ਅਰਵਿੰਦਰ ਕੌਰ ਕਾਕੜਾ, ਵਿਕਰਮਦੇਵ ਸਿੰਘ, ਗੁਰਵਿੰਦਰ ਬੋੜਾਂ ਤੇ ਸਤਗੁਰ ਸਿੰਘ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਵਿੱਚ ਹੋਇਆ। ਇਸ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਰਣਵੀਰ ਰੰਧਾਵਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਦਵਿੰਦਰ ਸਿੰਘ ਪੂਨੀਆ ਨੇ ਆਖਿਆ ਕਿ ਸ਼ਹੀਦ ਜਰਨੈਲ ਸਿੰਘ ਭਾਵੇਂ ਵਿਦਿਆਰਥੀ ਲਹਿਰ ਦੇ ਸ਼ਹੀਦ ਹਨ ਪਰ ਉਨ੍ਹਾਂ ਦਾ ਸਮੁੱਚਾ ਜੀਵਨ ਸਮਾਜ ਦੇ ਦੱਬੇ ਕੁੱਚਲੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਸਮਰਪਿਤ ਰਿਹਾ ਹੈ ਇਸ ਲਈ ਉਹ ਸਮੁੱਚੀ ਇਨਕਲਾਬੀ ਲਹਿਰ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਮੋਰਚਿਆਂ ਨੂੰ ਮਜ਼ਬੂਤੀ ਦੇਣਾ ਜਰਨੈਲ ਸਿੰਘ ਜੈਲੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡੈਮੋਕ੍ਰੈਟਿਕ ਟੀਚਰਜ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰ ਘੱਗਾ ਤੇ ਅਮਨਦੀਪ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਹਮਲਿਆਂ ਖਿਲਾਫ਼ ਸ਼ਹੀਦ ਜਰਨੈਲ ਸਿੰਘ ਜੈਲੀ ਦੇ ਵਾਰਸ ਸੰਘਰਸ਼ ਦਾ ਝੰਡਾ ਬੁਲੰਦ ਕਰਦੇ ਰਹਿਣਗੇ।