ਖੇਤਰੀ ਪ੍ਰਤੀਨਿਧ
ਸਨੌਰ, 24 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਭ ਤੋਂ ਕਮਜ਼ੋਰ ਸ਼ਾਸਕ ਹੋਣ ’ਚ ਹੁਣ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਨਹੀਂ ਰਹੀ। ਕਿਉਂਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਕੇ ਕਾਂਗਰਸ ਹਾਈ ਕਮਾਨ ਨੇ ਖੁਦ ਹੀ ਪੰਜਾਬ ਵਾਸੀਆਂ ਦੇ ਅਜਿਹੇ ਤਰਕਾਂ ਅਤੇ ਦਾਅਵਿਆਂ ’ਤੇ ਮੋਹਰ ਲਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਹ ਇਥੇ ਹਲਕਾ ਸਨੌਰ ਅਧੀਨ ਪੈਂਦੇ ਪ੍ਰੇਮ ਬਾਗ ਪੈਲੇਸ ਵਿੱਚ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ-ਬਸਪਾ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ 26 ਜੁਲਾਈ ਨੂੰ ਦਿੱਲੀ ਵਿੱਚ ਕਿਸਾਨ ਪਾਰਲੀਮੈਂਟ ਲਈ ਸਨੌਰ ਹਲਕੇ ਤੋਂ ਅਕਾਲੀ ਵਰਕਰਾਂ ਦਾ ਇਕ ਵੱਡਾ ਜਥਾ ਭੇਜਣ ਦਾ ਐਲਾਨ ਵੀ ਕੀਤਾ।
ਸ੍ਰੀ ਚੰਦੂਮਾਜਰਾ ਦਾ ਕਹਿਣਾ ਸੀ ਕਿ ਕਿਸਾਨ ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਦਾ ਮੁੰਕਮਲ ਕਰਜ਼ਾ ਮੁਆਫ ਕਰਨ ਲਈ ਸਰਬਪਾਰਟੀ ਮੀਟਿੰਗ ਵਿੱਚ ਉਨ੍ਹਾਂ (ਚੰਦੂਮਾਜਰਾ) ਵੱਲੋਂ ਰੱਖੀ ਗਈ ਮੰਗ ’ਤੇ ਸਹਿਮਤੀ ਜਤਾਉਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਲਾਗੂ ਨਹੀਂ ਕੀਤਾ। ਅਕਾਲੀ ਦਲ ਨੂੰ ਕਿਸਾਨ ਹਿਤੈਸ਼ੀ ਗਰਦਾਨਦਿਆਂ ਉਨ੍ਹਾਂ ਕਿਹਾ ਕਿ ਜੇ ਅਗਲੇ ਅਫਤੇ ਤੱਕ ਮੁੱਖ ਮੰਤਰੀ ਨੇ ਇਹ ਮੰਗ ਮੰਨਣ ਸਬੰਧੀ ਰਸਮੀ ਐਲਾਨ ਨਾ ਕੀਤਾ, ਤਾਂ ਅਕਾਲੀ ਦਲ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਬਸਪਾ ਆਗੂ ਜੋਗਾ ਸਿੰਘ ਪਨੌਦੀਆਂ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ।