ਕਾਂਗਰਸੀ ਆਗੂ ਲਖਵਿੰਦਰ ਸਿੰਘ ਚੁਨਾਗਰਾ ਅਤੇ ਪ੍ਰਗਟ ਸਿੰਘ ਸੌਦੇਵਾਲ ਚੇਅਰਮੈਨ ਬਣੇ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ ਹਲਕਾ ਸ਼ੁਤਰਾਣਾ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ ਚੁਨਾਗਰਾ ਨੂੰ ਬਲਾਕ ਪਾਤੜਾਂ ਅਤੇ ਪ੍ਰਗਟ ਸਿੰਘ ਸੌਦੇਵਾਲ ਨੂੰ ਬਲਾਕ ਘੱਗਾ ਦਾ ਐਸਸੀ ਵਿੰਗ ਦਾ ਚੈਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਨਿਯੁਕਤੀਆਂ ਦੇ ਪੱਤਰ ਸੀਨੀਅਰ ਕਾਂਗਰਸੀ ਆਗੂ ਨਛੱਤਰ ਸਿੰਘ ਅਰਾਈਮਾਜਰਾ ਨੇ ਸੌਂਪਣ ਉਪਰੰਤ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਪਿਛਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਸੱਤਾ ਹਾਸਲ ਕਰਨ ਉਪਰੰਤ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਮੇਂ ਦੌਰਾਨ ਰਹੀਆਂ ਕਾਂਗਰਸੀ ਸਰਕਾਰਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਤੇ ਸੂਬੇ ਵਿੱਚ ਹਵਾ ਕਾਂਗਰਸ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ। ਉਨ੍ਹਾਂ ਉਕਤ ਨਿਯੁਕਤੀਆਂ ਲਈ ਕਾਂਗਰਸ ਕਮੇਟੀ ਹਲਕਾ ਸ਼ੁਤਰਾਣਾ ਵੱਲੋਂ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਕੁਲਦੀਪ ਸਿੰਘ ਵੈਦ ਚੈਅਰਮੈਨ ਐਸਸੀ ਵਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਦੋਨੋਂ ਆਗੂ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਪਹਿਲਾਂ ਦੀ ਤਰ੍ਹਾਂ ਤਨਦੇਹੀ ਨਾਲ ਨਿਭਾਉਣਗੇ।