ਕੌਂਸਲ ਤੇ ਸੀਵਰੇਜ ਬੋਰਡ ਖ਼ਿਲਾਫ਼ ਕਾਂਗਰਸ ਵੱਲੋਂ ਧਰਨਾ
ਸਰਕਾਰ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਣ ਦੇ ਦੋਸ਼
ਨਗਰ ਕੌਂਸਲ ਰਾਜਪੁਰਾ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੀ ਕਥਿਤ ਨਾਕਾਸ ਕਾਰਗੁਜ਼ਾਰੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਅਤੇ ਸਫ਼ਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਦਾ ਬੁਰਾ ਹਾਲ ਹੈ, ਜਿਸ ਵੱਲ ਸਬੰਧਤ ਵਿਭਾਗ ਕੋਈ ਧਿਆਨ ਨਹੀਂ ਦੇ ਰਹੇ।
ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਤੋਂ ਮੂੰਹ ਮੋੜ ਕੇ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਗਲੀਆਂ ਵਿੱਚ ਸੀਵਰੇਜ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ, ਪੀਣ ਵਾਲਾ ਸਾਫ਼ ਪਾਣੀ ਨਹੀਂ ਮਿਲ ਰਿਹਾ ਅਤੇ ਕਾਂਗਰਸ ਦੇ ਸਮੇਂ ਬਣਾਏ ਸੁੰਦਰ ਪਾਰਕ ਅੱਜ ਬਦਹਾਲ ਹੋ ਚੁੱਕੇ ਹਨ।
ਕੰਬੋਜ ਨੇ ਹਲਕਾ ਵਿਧਾਇਕਾ ਨੀਨਾ ਮਿੱਤਲ ’ਤੇ ਸਿਆਸੀ ਵਿਤਕਰੇਬਾਜ਼ੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸੀ ਕੌਂਸਲਰਾਂ ਵਾਲੇ ਵਾਰਡਾਂ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਕੀਤੇ ਗਏ ਹਨ।
ਇਸ ਦੌਰਾਨ ਸਾਬਕਾ ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ, ਕੌਂਸਲਰ ਡਿੰਪੀ ਰਾਣਾ, ਸਾਬਕਾ ਕੌਂਸਲਰ ਜਗਨੰਦਨ ਗੁਪਤਾ ਅਤੇ ਅਮਰਜੀਤ ਸਿੰਘ ਲਿੰਕਨ ਨੇ ਵੀ ਸੰਬੋਧਨ ਕੀਤਾ, ਜਦਕਿ ਸਟੇਜ ਸਕੱਤਰ ਦੀ ਭੂਮਿਕਾ ਕੌਂਸਲਰ ਅਮਨਦੀਪ ਸਿੰਘ ਨਾਗੀ ਨੇ ਨਿਭਾਈ।
ਧਰਨੇ ਦੇ ਅਖ਼ੀਰ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ‘ਆਪ’ ਸਰਕਾਰ, ਨਗਰ ਕੌਂਸਲ ਅਤੇ ਸੀਵਰੇਜ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੀਆਂ ਇਨ੍ਹਾਂ ਭਖਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
