ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਅਕਤੂਬਰ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਚਨਚੇਤ ਪਾਤੜਾਂ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਉਨ੍ਹਾਂ ਦੇ ਨਾਲ ਸਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ, ਆਮ ਲੋਕਾਂ ਅਤੇ ਕਿਸਾਨਾਂ ਦੀ ਆਪਣੀ ਸਰਕਾਰ ਹੈ, ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਨ ਜਿਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਮੰਡੀਆਂ ਵਿੱਚ ਵਿਕਣ ਲਈ ਆਈ ਜਿਣਸ ਦਾ ਦਾਣਾ-ਦਾਣਾ ਖਰੀਦ ਕੇ ਇਸ ਦੀ ਅਦਾਇਗੀ ਵੀ 24 ਘੰਟਿਆਂ ਤੋਂ ਪਹਿਲਾਂ-ਪਹਿਲਾਂ ਕਰਨੀ ਯਕੀਨੀ ਬਣਾਈ ਗਈ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਵਿਧਾਇਕ ਜਾਂ ਅਧਿਕਾਰੀਆਂ ਨਾਲ ਸੰਪਰਕ ਕਰੇ। ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਪਾਤੜਾਂ ਮੰਡੀ ਦਾ ਫੜ੍ਹ ਛੋਟਾ ਹੋਣ ਕਾਰਨ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਬਾਰੇ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਮੁੱਖ ਮੰਤਰੀ ਹਨ ਤੇ ਉਹ ਜਲਦੀ ਹੀ ਪਾਤੜਾਂ ਦੀ ਅਨਾਜ ਮੰਡੀ ਦਾ ਮਸਲਾ ਹੱਲ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਖੇਤੀਬਾੜੀ ਰਹਿੰਦ-ਖੂੰਹਦ ਅਤੇ ਪਰਾਲੀ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ ਪਰੰਤੂ ਇਸ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕਰ ਲਏ ਹਨ, ਜਿਸ ਲਈ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸੰਭਾਲਣ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਹਰੇਕ ਮੰਤਰੀ ਅਤੇ ਵਿਧਾਇਕ ਲੋਕਾਂ ਨਾਲ ਜੁੜਿਆ ਹੋਇਆ ਆਗੂ ਹੋਣ ਕਰਕੇ ਕੰਮ ਕਰਨ ‘ਚ ਯਕੀਨ ਕਰਦਾ ਹੈ ਅਤੇ ਇਸੇ ਲਈ ਉਹ ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।