ਮੁਖ਼ਤਿਆਰ ਸਿੰਘ ਨੌਗਾਵਾਂ
ਦੇਵੀਗੜ, 31 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਠੇਕਾ ਮੁਲਾਜਮਾਂ ਨੂੰ ਰੈਗੂਲਾਰ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਵਾਰ ਵਾਰ ਮੀਟਿੰਗ ਕਰਨ ਤੋਂ ਭੱਜਣ ਦੇ ਰੋਸ ਵਜੋਂ ਮੋਰਚੇ ਦੇ ਫੈਸਲੇ ਮੁਤਾਬਕ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਬ੍ਰਾਂਚ ਭੁੱਨਰਹੇੜੀ ਵੱਲੋਂ ਅੱਜ ਬੱਸ ਅੱਡਾ ਦੇਵੀਗੜ੍ਹ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਭਵਿੱਖ ਵਿਚ ਕੈਬਨਿਟ ਮੰਤਰੀਆਂ ਅਤੇ ਮੁੱਖ ਮੰਤਰੀ ਦੇ ਫੀਲਡ ’ਚ ਆਉਣ ’ਤੇ ਕਾਲੀਆਂ ਝੰਡੀਆਂ ਦਿਖਾ ਕੇ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਕਲਾਂ ਨੇ ਕਿਹਾ ਕਿ 12 ਮਾਰਚ ਨੂੰ ਪਟਿਆਲਾ ’ਚ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਪਟਿਆਲਾ ਪ੍ਰਸ਼ਾਸਨ ਵੱਲੋਂ 30 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ ਪਰ ਜਦੋਂ ਮੋਰਚੇ ਦੇ ਸੂਬਾਈ ਆਗੂ ਮੀਟਿੰਗ ਕਰਨ ਲਈ ਮੁੱਖ ਮੰਤਰੀ ਨਿਵਾਸ ਪਹੁੰਚੇ ਤਾਂ ਓ.ਐਸ.ਡੀ. ਅੰਕਿਤ ਬਾਂਸਲ ਵੱਲੋਂ ਮੋਰਚੇ ਦੇ ਆਗੂਆਂ ਨੂੰ ਕਿਹਾ ਕਿ ਮੁੱਖ ਮੰਤਰੀ ਕੋਠੀ ’ਚ ਮੌਜੂਦ ਨਹੀਂ ਹਨ, ਇਸ ਲਈ ਉਨ੍ਹਾਂ ਵੱਲੋਂ ਓ.ਐਸ.ਡੀ. ਐਮ.ਪੀ. ਸਿੰਘ ਨਾਲ ਮੀਟਿੰਗ ਕਰਨ ਲਈ ਥੋੜਾ ਇੰਤਜ਼ਾਰ ਕਰਨ ਲਈ ਕਿਹਾ ਗਿਆ ਪਰ ਡੇਢ ਘੰਟਾ ਇੰਤਜ਼ਾਰ ਕਰਵਾਉਣ ਮਗਰੋਂ ਓ.ਐਸ.ਡੀ. ਐਮ.ਪੀ. ਸਿੰਘ ਦੇ ਕਰੋਨਾ ਪਾਜ਼ਿਟਿਵ ਹੋਣ ਦਾ ਬਹਾਨਾ ਲਾਉਂਦੇ ਹੋਏ ਓ.ਐਸ.ਡੀ. ਅੰਕਿਤ ਬਾਂਸਲ ਨੇ ਮੰਗ ਪੱਤਰ ਲੈ ਕੇ 6 ਤੋਂ 10 ਅਪਰੈਲ ਤੱਕ ਐਮ.ਪੀ.ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ ਪਰ ਕੈਪਟਨ ਸਰਕਾਰ ਵੱਲੋਂ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਸਮੂਹ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਦੀ ਨੀਅਤ ਨਾਲ ਆਪਣੇ 4 ਸਾਲਾਂ ਦੇ ਕਾਰਜਕਾਲ ’ਚ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਠੇਕਾ ਮੁਲਾਜਮਾਂ ਦਾ ਕੈਪਟਨ ਸਰਕਾਰ ਤੋਂ ਭਰੋਸਾ ਉਠ ਗਿਆ ਹੈ। ਇਸ ਮੌਕੇ ਜਨਰਲ ਸਕੱਤਰ ਗੁਰਜੀਤ ਸਿੰਘ ਮਾੜੂ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਸਲਾਹਕਾਰ, ਸਖਦੇਵ ਕੁਮਾਰ, ਸੁੱਚਾ ਸਿੰਘ, ਮੱਘਰ ਸਿੰਘ ਖਜ਼ਾਨਚੀ ਅਤੇ ਰਮੇਸ਼ ਸਿੰਘ ਬਿੰਜਲ ਆਦਿ ਮੌਜੂਦ ਸਨ।
ਜਲ ਸਪਲਾਈ ਕੰਟਰੈਕਟ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ):ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਕੰਟਰੈਕਟ ਕਾਮਿਆਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਆਗੂਆਂ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਕੋਟਲਾ, ਸੁਖਬੀਰ ਸਿੰਘ ਅਤੇ ਰਾਜਵੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਵਿਸ਼ਵਕਰਮਾ ਮੰਦਿਰ ਚੌਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਜਲ ਸਪਲਾਈ ਵਿਭਾਗ ਦੇ ਕੰਟਰੈਕਟ ਵਰਕਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਸਰਕਾਰ ਵੱਲੋਂ ਸੰਘਰਸ਼ਸ਼ੀਲ ਕੰਟਰੈਕਟ ਕਾਮਿਆਂ ਦੇ ਆਗੂਆਂ ਨੂੰ ਮੰਗਾਂ ਸਬੰਧੀ ਗੱਲਬਾਤ ਲਈ ਮੀਟਿੰਗ ਦਾ ਸੱਦਾ ਦੇ ਕੇ ਫਿਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਯੂਨੀਅਨ ਆਗੂਆਂ ਨਾਲ ਮਿੱਥੀ ਮੀਟਿੰਗ ਵਿੱਚ ਗੱਲਬਾਤ ਕਰੇ। ਉਨ੍ਹਾਂ ਮੰਗ ਕੀਤੀ ਕਿ ਕੰਟਰੈਕਟ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰੀਆਂ ਜਾਣ, ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ।