ਠੇਕੇ ’ਤੇ ਕੰਮ ਕਰਕੇ ਮੁਲਾਜ਼ਮਾਂ ਵੱਲੋਂ ਵੇਰਕਾ ਮਿਲਕ ਪਲਾਂਟ ਅੱਗੇ ਪ੍ਰਦਰਸ਼ਨ
ਇਸ ਸਮੇਂ ਪ੍ਰਧਾਨ ਹਰਪ੍ਰੀਤ ਸਿੰਘ ਵੇਰਕਾ, ਪਵਨਦੀਪ ਸਿੰਘ ਸੂਬਾ ਪ੍ਰਧਾਨ, ਹਾਕਮ ਧਨੇਠਾ ਜਲ਼ ਸਪਲਾਈ, ਤਲਵਿੰਦਰ ਸਿੰਘ, ਗੁਰਵੀਰ ਸਿੰਘ ਉਗਰਾਹਾਂ, ਹਰਜਿੰਦਰ ਸਿੰਘ ਮਜ਼ਦੂਰ ਯੂਨੀਅਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ, ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਰੋਸ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮੋਰਚੇ ਦੇ ਬੈਨਰ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਸੰਗਰੂਰ ਵਿੱਚ ਪਰਿਵਾਰਾਂ ਸਣੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।