ਰਵੇਲ ਸਿੰਘ ਭਿੰਡਰ
ਪਟਿਆਲਾ, 22 ਅਕਤੂਬਰ
ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ’ਤੇ ਪਟਿਆਲਾ ਸਰਕਲ ਦੇ ਬਿਜਲੀ ਮੁਲਾਜ਼ਮਾਂ ਨੇ ਬਠਿੰਡਾ ਥਰਮਲ ਪਲਾਂਟ ਨੂੰ ਢਾਹੁਣ ਅਤੇ ਉਸ ਦੀ ਜ਼ਮੀਨ ਕੋਡੀਆਂ ਦੇ ਭਾਅ ਵੇਚਣ ,ਬਿਜਲੀ ਐਕਟ 2020 ਅਤੇ ਪੰਜਾਬ ਸਰਕਾਰ ਤੇ ਬਿਜਲੀ ਮੈਨੇਜਮੈਂਟ ਵੱਲੋ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਕਨਵੈਨਸ਼ਨ ਕੀਤੀ ਗਈ। ਸੂਬਾਈ ਕਨਵੀਨਰ ਹਰਭਜਨ ਸਿੰਘ ਪਿਖਲਣੀ ਅਤੇ ਮੰਚ ਦੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆਂ ਕਿ ਅੱਜ ਦੀ ਕਨਵੈਨਸ਼ਨ ਵਿੱਚ ਸਮਾਣਾ, ਨਾਭਾ, ਰਾਜਪੁਰਾ, ਪਟਿਆਲਾ ਦੀਆਂ ਡਵੀਜ਼ਨ ਵਿੱਚੋਂ ਸਬ ਡਿਵੀਜ਼ਨ, ਡਿਵੀਜ਼ਨ, ਸਰਕਲ ਕਮੇਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਦੀ ਪ੍ਰਧਾਨਗੀ ਜ਼ੋਰਾਵਰ ਸਿੰਘ, ਜਗਜੀਤ ਸਿੰਘ ਮੱਤੀ ਅਤੇ ਕੁਲਵਿੰਦਰ ਸਿੰਘ ਕੀਤੀ। ਕਨਵੈਨਸ਼ਨ ਵਿੱਚ ਮਤਾ ਪਾਸ ਕਰਕੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀਬਾੜੀ ਸੋਧ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਮੈਨੇਜਮੈਂਟ ਤੋ ਮੰਗ ਕੀਤੀ ਕਿ 29 ਮੰਗਾਂ ਦੇ ਮੰਗ ਪੱਤਰ ’ਤੇ ਜਲਦੀ ਮੀਟਿੰਗ ਦੇ ਕੇ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਜਾਣ। ਜਥੇਬੰਦੀਆਂ ਨੇ ਸਰਕਾਰ ਤੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਜੇ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।