ਪੱਤਰ ਪ੍ਰੇਰਕ
ਦੇਵੀਗੜ੍ਹ, 28 ਅਗਸਤ
ਭੂਨਰਹੇੜੀ ਵਿੱਚ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮਦਨ ਜਲਾਲਪੁਰ ਤੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਅੱਜ ਪੰਚਾਇਤ ਸਮਿਤੀ ਭੁਨਰਹੇੜੀ ’ਚ ਨਵੇਂ ਬਣੇ ਉਪ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਦੀ ਤਾਜਪੋਸ਼ੀ ਕੀਤੀ। ਇਸ ਮੌਕੇ ਉਨ੍ਹਾਂ ਬਲਾਕ ਸਮਿਤੀ ਦੇ ਨਵੇਂ ਬਣੇ ਦਫ਼ਤਰ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਹੈ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨਾ, ਜਿਸ ਲਈ ਪਿੰਡਾਂ ਤੇ ਸ਼ਹਿਰਾਂ ਨੂੰ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਪਿੰਡ ਭਸਮੜਾ ਵਿੱਚ 66 ਕੇਵੀ ਗਰਿੱਡ ਦਾ ਉਦਘਾਟਨ ਅਤੇ ਪਿੰਡ ਅਲੀਪੁਰ ਵਜ਼ੀਰ ਸਾਹਿਬ ਵਿੱਚ ਬਾਪੂ ਮਾਨ ਸਿੰਘ ਨੰਬਰਦਾਰ ਦੀ ਯਾਦ ਵਿੱਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ। ਸਮਾਗਮ ਮੌਕੇ ਮੰਡੀਬੋਰਡ ਪੰਜਾਬ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਜੋ ਅੱਜ ਹਾਲਾਤ ਬਣੇ ਹਨ ਉਸ ਲਈ ਪਿਛਲੀ ਅਕਾਲੀ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ 2007 ਤੋਂ ਪਹਿਲਾਂ ਪਹਿਲਾਂ ਪੰਜਾਬ ਵਿਚ ਕੋਈ ਮਾਫੀਆ ਨਹੀਂ ਸੀ ਜੋ ਕਿ ਅਕਾਲੀ ਸਰਕਾਰ ਦੀ ਦੇਣ ਹੈ। ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਪ੍ਰਨੀਤ ਕੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਸਨੌਰ ਦਾ ਭਾਰੀ ਵਿਕਾਸ ਕੀਤਾ ਜਾ ਰਿਹਾ ਹੈ।
ਕਮਿਊਨਿਟੀ ਸ਼ੈੱਡ ਦਾ ਉਦਘਾਟਨ
ਪਟਿਆਲਾ (ਸਰਬਜੀਤ ਸਿੰਘ ਭੰਗੂ): ਨੌ ਮਹੀਨੇ ਪਹਿਲਾਂ ਦਿੱਲੀ ਕਿਸਾਨ ਮੋਰਚੇ ਤੋਂ ਪਰਤਦਿਆਂ ਰਸਤੇ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਪਿੰਡ ਸਫੇੜਾ ਦੇ ਕਿਸਾਨ ਗੁਰਪ੍ਰੀਤ ਸਿੰਘ ਗੋਲਡੀ ਅਤੇ ਕਿਸਾਨ ਲਾਭ ਸਿੰਘ ਦੀ ਮੌਤ ਹੋ ਗਈ ਸੀ। ਜਿਨ੍ਹਾਂ ਦੀ ਯਾਦ ’ਚ ਸਨੌਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹੈਰੀਮਾਨ ਦੀ ਕੋਸ਼ਿਸ਼ਾਂ ਸਦਕਾ ਪਿੰਡ ’ਚ ਹੀ 17.5 ਲੱਖ ਨਾਲ ਉਸਾਰੇ ਗਏ ਕਮਿਊਨਿਟੀ ਸ਼ੈੱਡ ਦਾ ਉਦਘਾਟਨ ਅੱਜ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਵਿੱਤੀ ਸਹਾਇਤਾ ਅਤੇ ਨੌਕਰੀਆਂ ਦੇਣਾ ਸਰਕਾਰ ਨੇ ਆਪਣਾ ਫਰਜ਼ ਸਮਝਿਆ ਹੈ।