ਕੌਂਸਲਰ ਲੋਕ ਸੇਵਾ ਨੂੰ ਪਹਿਲ ਦੇਣ: Cabinet Minister Aman Arora
ਕੈਬਨਿਟ ਮੰਤਰੀ ਨੇ ਨਵੇਂ ਕੌਂਸਲਰਾਂ ਨੂੰ ਐੱਮ ਸੀ ਸਰਟੀਫਿਕੇਟ ਵੰਡੇ
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਐੱਮ ਸੀ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕੌਂਸਲਰਾਂ ਨੂੰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਜਨ ਪ੍ਰਤੀਨਿਧੀਆਂ ਦੀ ਅਸਲ ਜ਼ਿੰਮੇਵਾਰੀ ਚੋਣ ਜਿੱਤਣ ਤੋਂ ਬਾਅਦ ਸ਼ੁਰੂ ਹੁੰਦੀ ਹੈ। ਉਨ੍ਹਾਂ ਕੌਂਸਲਰਾਂ ਨੂੰ ਆਪੋ-ਆਪਣੇ ਵਾਰਡਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਡੰਪਾਂ ਦੀ ਸਫ਼ਾਈ ਹਰ ਰੋਜ਼ ਸਵੇਰੇ 10 ਵਜੇ ਤੱਕ ਮੁਕੰਮਲ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਚਾਰਦੀਵਾਰੀ ਅਤੇ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੰਦਗੀ ਅਤੇ ਜੰਗਲੀ ਬੂਟਿਆਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਸੀਵਰੇਜ, ਨਾਲਿਆਂ ਅਤੇ ਡਰੇਨਾਂ ਦੀ ਸਮੇਂ ਸਿਰ ਸਫ਼ਾਈ ਦੇ ਨਿਰਦੇਸ਼ ਵੀ ਦਿੱਤੇ। ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਵਾਰਡਾਂ ਵਿੱਚ ਇੱਕਸਾਰ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਹਰਿਆਵਲੀ ਵਧਾਉਣ ਲਈ ਪੌਦੇ ਤੇ ਸਜਾਵਟੀ ਬੂਟੇ ਲਗਾਉਣ ਦੀ ਅਪੀਲ ਕੀਤੀ।

