ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ ਬਾਰੇ ਕੋਰਸ ਸ਼ੁਰੂ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 24 ਜੂਨ
ਪੰਜਾਬੀ ਯੂਨੀਵਰਸਿਟੀ ਵਿੱਚ ਯੂਜੀਸੀ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਹੋ ਗਿਆ ਹੈ। ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਕੋਰਸ ਦੀ ਸ਼ੁਰੂਆਤ ਮੌਕੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ‘ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ’ ਵਿਸ਼ੇ ਉੱਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਵਿਸ਼ੇ ਸਬੰਧੀ ਗੱਲ ਕਰਨ ਦੇ ਨਾਲ-ਨਾਲ ਸੈਂਟਰ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ।
ਆਨਲਾਈਨ ਵਿਧੀ ਰਾਹੀਂ ਹੋਏ ਉਦਘਾਟਨੀ ਸੈਸ਼ਨ ਵਿੱਚ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਵਿਸ਼ੇ ਬਾਰੇ ਬੋਲਦਿਆਂ ਕਿਹਾ ਕਿ ਜਿਵੇਂ-ਜਿਵੇਂ ਅੱਜ ਦਾ ਮਨੁੱਖ ਤਰੱਕੀ ਕਰਦਾ ਜਾ ਰਿਹਾ ਹੈ, ਉਸ ਵੱਲੋਂ ਵਰਤੇ ਜਾਂਦੇ ਸਾਧਨਾਂ ਅਤੇ ਸਹੂਲਤਾਂ ਨਾਲ ਕਾਰਬਨ ਦੀ ਨਿਕਾਸੀ ਵਿੱਚ ਅਥਾਹ ਵਾਧਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ ਦਾ ਵਿਸ਼ਾ ਬੇਹਦ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਸਾਰੇ ਪ੍ਰਾਜੈਕਟਾਂ ਵਿੱਚ ਵਾਤਾਵਰਨ ਸੁਰੱਖਿਆ ਦਾ ਮੁੱਦਾ ਹਮੇਸ਼ਾ ਕੇਂਦਰ ਵਿੱਚ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਕੋਰਸ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਪ੍ਰੋਗਰਾਮ ਸਾਰਿਆਂ ਲਈ ਲਾਹੇਵੰਦ ਸਾਬਤ ਹੋਵੇਗਾ। ਕੋਰਸ ਦੇ ਕੋ-ਆਰਡੀਨੇਟਰ ਡਾ. ਉਂਕਾਰ ਸਿੰਘ ਨੇ ਵੀ ਵਿਚਾਰ ਪ੍ਰਗਟਾਏ।