ਖੇਤਰੀ ਪ੍ਰਤੀਨਿਧ
ਪਟਿਆਲਾ, 16 ਜੁਲਾਈ
ਤਨਖ਼ਾਹਾਂ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਨੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ’ਤੇ ਕਥਿਤ ਰੂਪ ’ਚ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਪਣਾਉਣ ਦੇ ਇਲਜ਼ਾਮ ਲਾਏ ਹਨ। ਇਸ ਦੌਰਾਨ ਬੀ ਅਤੇ ਸੀ ਵਰਗ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਜਾਰੀ ਕਰਨ ਦੀ ਕਾਰਵਾਈ ਨੂੰ ਇਸੇ ਕੜੀ ਦਾ ਹਿੱਸਾ ਗਰਦਾਨਿਆ ਗਿਆ। ਪੂਟਾ ਦੇ ਪ੍ਰਧਾਨ ਪ੍ਰੋ. ਭੁਪਿੰਦਰ ਵਿਰਕ ਅਤੇ ਸਕੱਤਰ ਇੰਜਨੀਅਰ ਸੁਖਜਿੰਦਰ ਬੁੱਟਰ ਨੇ ਕਿਹਾ ਕਿ ਇਹ ਸਭ ਅਨੈਤਿਕ ਹੈ ਅਤੇ ਅਨਿਆਂਪੂਰਨ ਪ੍ਰਕਿਰਿਆ ਹੈ। ਉਨ੍ਹਾਂ ਨੇ ਬਜਟ ਵਿੱਚ ਯੂਨੀਵਰਸਿਟੀ ਨੂੰ ਮਿਲੀ ਘੱਟ ਗਰਾਂਟ ’ਤੇ ਵੀਡੀਓ ਬਣਾਉਣ ਵਾਲਿਆਂ ਦੀ ਨਿਖੇਧੀ ਕੀਤੀ ਅਤੇ ਆਖਿਆ ਹੈ ਕਿ ਉਨ੍ਹਾਂ ਦੁਆਰਾ ਵੀਡੀਓ ਪਾਉਣ ਦਾ ਕੋਈ ਲਾਭ ਨਹੀਂ ਹੋਇਆ, ਸਗੋਂ ਢਾਈ ਮਹੀਨੇ ਬੀਤਣ ਦੇ ਬਾਵਜੂਦ ਯੂਨੀਵਰਸਿਟੀ ਦੇ ਸਾਰੇ ਮੁਲਾਜ਼ਮਾਂ ਨੂੰ ਤਨਖਾਹਾਂ ਦੀ ਅਦਾਇਗੀ ਨਹੀਂ ਹੋਈ। ਪੂਟਾ ਨੇ ਸੋਮਵਾਰ ਤੋਂ ਵਾਈਸ ਚਾਂਸਲਰ ਖ਼ਿਲਾਫ਼ ਹੋਰ ਵੀ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਤਾਂ ਜੋ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਬਣਦੀ ਤਨਖਾਹ ਤੁਰੰਤ ਅਦਾ ਕੀਤੀ ਜਾਵੇ।