ਜ਼ਿਲ੍ਹਾ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਨਾਜ ਮੰਡੀ ਘਨੌਰ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਡੀ ਸੀ ਨੇ ਕਿਸਾਨ ਆਗੂਆਂ ਸਮੇਤ ਆਮ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੰਡੀ ’ਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਤਾਂ ਵੇਚਣ ਵਿੱਚ ਮੁਸ਼ਕਲ ਨਾ ਆਵੇ। ਕਿਸਾਨ ਆਗੂਆਂ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਮੰਗ ਰੱਖੀ ਤਾਂ ਜੋ ਸਾੜਨ ਦੀ ਬਜਾਏ ਪਰਾਲੀ ਸੰਭਾਲੀ ਜਾ ਸਕੇ। ਉਨ੍ਹਾਂ ਡੀ ਏ ਪੀ ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਸਮੇਤ ਹੋਰ ਕਿਸਾਨ ਮੰਗਾਂ ਮੰਨਣ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਜਲਦ ਡੀ ਏ ਪੀ ਦਾ ਰੈਕ ਰਾਜਪੁਰਾ ਰੇਲਵੇ ਸਟੇਸ਼ਨ ’ਤੇ ਪੁੱਜ ਰਿਹਾ ਹੈ ਜੋ ਸਿਰਫ਼ ਰਾਜਪੁਰਾ ਤੇ ਘਨੌਰ ਇਲਾਕੇ ਦੇ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਪੁੱਜੇ 6.70 ਲੱਖ ਟਨ ਝੋਨੇ ਵਿਚੋਂ 6.63 ਲੱਖ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1498 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਪਨਸਪ ਦੇ ਡੀ ਐੱਮ ਪਨਸਪ ਮਨਦੀਪ ਕਾਲੇਕਾ, ਮਾਰਕਫੈੱਡ ਦੇ ਡੀ ਐੱਮ ਵਿਪਨ ਸ਼ਰਮਾ, ਵੇਅਰਹਾਊਸ ਦੇ ਡੀ ਐੱਮ ਨਿਰਮਲ ਸਿੰਘ ਸਮੇਤ ਆੜ੍ਹਤੀਏ ਅਤੇ ਕਿਸਾਨ ਵੀ ਮੌਜੂਦ ਸਨ।

