ਡੀਸੀ ਵੱਲੋਂ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਘੱਗਰ, ਟਾਂਗਰੀ ਅਤੇ ਮਾਰਕੰਡਾ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘੱਟਣ ਬਾਅਦ ਹੁਣ ਪ੍ਰਭਾਵਿਤ ਖੇਤਰਾਂ ਦੀ ਸਫਾਈ ਅਤੇ ਮੁੜ ਵਸੇਬੇ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੇ ਸਰੋਤਾਂ ਦੇ ਨਮੂਨੇ ਲੈ ਕੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣ, ਮੈਡੀਕਲ ਕੈਂਪਾਂ ਅਤੇ ਪਸ਼ੂਆਂ ਲਈ ਵੈਟਰਨਰੀ ਸੇਵਾਵਾਂ ਨੂੰ ਤੇਜ ਕਰਨ ਅਤੇ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਕਿਸੇ ਲਾਗ ਦੇ ਫੈਲਾਅ ਨੂੰ ਰੋਕਣ ਲਈ ਨੀਵੇਂ ਇਲਾਕਿਆਂ 'ਚ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ, ਜਿੱਥੇ ਕਿਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਹ ਵੀ ਬਹਾਲ ਕੀਤੀ ਜਾਵੇ ਅਤੇ ਹੜ੍ਹ ਵਾਲੇ ਇਲਾਕਿਆਂ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਵੀ ਲੋੜੀਂਦੇ ਕਾਰਜ ਜਲਦੀ ਤੋਂ ਜਲਦੀ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ 140 ਪਿੰਡਾਂ ਵਿੱਚ 20 ਹਜ਼ਾਰ ਹੈਕਟੇਅਰ ਖੇਤੀ ਜਮੀਨ 'ਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਸਾਨਾਂ ਤੇ ਮੀਂਹ ਕਰਕੇ ਨੁਕਸਾਨੇ ਘਰਾਂ ਸਮੇਤ ਹੋਰ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ, ਕਿਉਂਕਿ ਨੁਕਸਾਨ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ।