ਗੁਰਨਾਮ ਸਿੰਘ ਅਕੀਦਾ
ਪਟਿਆਲਾ, 21 ਜੂਨ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕਰ ਕੇ ਕਲੀਨਿਕ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।
ਡੀਸੀ ਡਾ. ਪ੍ਰੀਤੀ ਯਾਦਵ ਨੇ ਕਲੀਨਿਕ ਵਿੱਚ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਵਿਚਾਰ ਲਏ ਅਤੇ ਸਟਾਫ਼ ਬਾਰੇ ਫੀਡ ਬੈਕ ਹਾਸਲ ਕੀਤੀ। ਡੀਸੀ ਨੇ ਕਲੀਨਿਕ ਦੇ ਸਟਾਫ਼ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਵੱਕਾਰੀ ਪ੍ਰਾਜੈਕਟ ਹਨ ਅਤੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਸੰਭਾਲ ਲਈ ਵੀ ਇਨ੍ਹਾਂ ਕਲੀਨਿਕਾਂ ’ਤੇ ਵੱਡੀ ਜ਼ਿੰਮੇਵਾਰੀ ਹੈ, ਇਸ ਲਈ ਕਲੀਨਿਕ ’ਚ ਦਵਾਈ ਲੈਣ ਆਏ ਮਰੀਜ਼ਾਂ ਦੀ ਸਹੂਲਤ ਦਾ ਖ਼ਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਵੇਲੇ 71 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26,75,636 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹਨ। ਉਨ੍ਹਾਂ ਡਾਕਟਰਾਂ ਤੇ ਹੋਰ ਅਮਲੇ ਨੂੰ ਕਿਹਾ ਕਿ ਹਰ ਆਏ ਮਰੀਜ਼ ਨੂੰ ਦਵਾਈ ਦੇਣ ਦੇ ਨਾਲ-ਨਾਲ ਉਸ ਨੂੰ ਚੰਗੀ ਸਿਹਤ ਲਈ ਸਹੀ ਖ਼ੁਰਾਕ, ਯੋਗ ਅਤੇ ਕਸਰਤ ਕਰਨ ਦਾ ਮਸ਼ਵਰਾ ਵੀ ਦਿੱਤਾ ਜਾਵੇ।