ਪੱਤਰ ਪ੍ਰੇਰਕ
ਦੇਵੀਗੜ੍ਹ, 23 ਅਗਸਤ
ਥਾਣਾ ਜੁਲਕਾਂ ਅਧੀਨ ਪਿੰਡ ਜੋਧਪੁਰ ਵਿੱਚ ਅੱਜ ਦੁਪਹਿਰੇ ਲਾਇਸੈਂਸੀ ਰਿਵਾਲਵਰ ਸਾਫ਼ ਕਰਦਿਆਂ ਗੋਲੀ ਚੱਲਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਰਣਜੀਤ ਸਿੰਘ ਜੋਧਪੁਰ ਅੱਜ ਆਪਣੇ ਘਰ ਵਿੱਚ ਹੀ ਦੁਪਹਿਰ ਸਾਢੇ 12 ਵਜੇ ਆਪਣੇ ਲਾਇਸੰਸੀ ਰਿਵਾਲਵਰ ਸਾਫ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਗੋਲੀ ਉਸ ਦੇ ਸਿਰ ਵਿੱਚ ਲੱਗੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਣਜੀਤ ਸਿੰਘ ਆਪਣੇ ਪਿੱਛੇ ਦੋ ਲੜਕੇ ਅਤੇ ਪਤਨੀ ਛੱਡ ਗਏ ਹਨ। ਇਸ ਘਟਨਾ ਦੀ ਖ਼ਬਰ ਸੁਣਦੇ ਹੀ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਆਪਣੀ ਪੁਲੀਸ ਪਾਰਟੀ ਨਾਲ ਪਿੰਡ ਜੋਧਪੁਰ ਪਹੁੰਚ ਗਏ। ਜਿਨ੍ਹਾਂ ਨੇ ਇਸ ਘਟਨਾ ਦੀ ਜਾਂਚ ਆਰੰਭ ਦਿੱਤੀ। ਰਣਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਹੈ।