ਸਰਬਜੀਤ ਸਿੰਘ ਭੰਗੂ
ਪਟਿਆਲਾ,17 ਜਨਵਰੀ
ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਪਾਰਟੀ ਦੇ ਮੁੱਖ ਬੁਲਾਰੇ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਰਹੇ ਗੁਰਬਚਨ ਸਿੰਘ ਬਚੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਐੱਨਆਈਏ ਰਾਹੀਂ ਕਿਸਾਨ ਸੰਘਰਸ਼ ਦੇ ਹਮਾਇਤੀਆਂ ਨੂੰ ਜਾਰੀ ਕੀਤੇ ਜਾ ਰਹੇ ਨੋਟਿਸਾਂ ਦਾ ਗੰਭੀਰ ਨੋਟਿਸ ਲਿਆ ਗਿਆ ਤੇ ਕੇਂਦਰ ਸਰਕਾਰ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਣ ਦਾ ਫ਼ੈਸਲਾ ਵੀ ਲਿਆ ਗਿਆ ਐਸ ਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸੰਧੂ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਦੌਰਾਨ 31 ਜਨਵਰੀ ਨੂੰ ਪਟਿਆਲਾ ਵਿਖੇ ਵੱਡੀ ਰੈਲੀ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਜਿਸ ਵਿਚ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਸ਼ਿਰਕਤ ਕਰਨਗੇ ਮੀਟਿੰਗ ਵਿੱਚ ਜਥੇਦਾਰ ਗੁਰਬਚਨ ਸਿੰਘ ਬਚੀ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਸਾਬਕਾ ਡੀਐੱਸਪੀ ਨਾਹਰ ਸਿੰਘ ਮਜਾਰੀ ਅਤੇ ਹੋਰ ਆਗੂਆਂ ਨੇ ਆਖਿਆ ਕਿ ਦੇਸ਼ ਦੇ ਇਹ ਕਿਸਾਨ ਮੋਰਚਾ ਫਤਿਹ ਕਰ ਕੇ ਹੀ ਘਰਾਂ ਨੂੰ ਪਰਤਣਗੇ।ਇਸ ਮੌਕੇ ਬੀਰਦਵਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾ ਦੀ ਹਮਾਇਤ ਲਈ ਦਿੱਲੀ ਕਿਸਾਨ ਪ੍ਰੇਡ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।