ਖੇਤਰੀ ਪ੍ਰਤੀਨਿਧ
ਪਟਿਆਲਾ, 5 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੁੱਚੇ ਗੁਰੂ ਘਰਾਂ ਨਾਲ ਸਬੰਧਤ ਪਾਲਕੀ ਵਾਲੀਆਂ ਗੱਡੀਆਂ ਦੇ ਟੈਕਸ ਮੁਆਫ਼ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇੱਥੇ ਜਾਰੀ ਬਿਆਨ ’ਚ ਸ੍ਰੀ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਗੁਰੂ ਘਰਾਂ ਦੇ ਲੰਗਰਾਂ ’ਤੇ ਲੱਗਣ ਵਾਲੇ ਜੀਐੱਸਟੀ ਨੂੰ ਮੁਆਫ਼ ਕਰੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਲੰਗਰ ਸੰਗਤਾਂ ਵੱਲੋਂ ਦਿੱਤੇ ਗਏ ਇੱਕ-ਇੱਕ ਪੈਸੇ ਦੇ ਦਾਨ ਨਾਲ ਹੀ ਚੱਲਦੇ ਹਨ ਤੇ ਗੁਰੂ ਘਰਾਂ ’ਤੇ ਕਿਸੇ ਵੀ ਪ੍ਰਕਾਰ ਦਾ ਜੀਐੱਸਟੀ ਨਹੀਂ ਲਾਇਆ ਜਾਣਾ ਚਾਹੀਦਾ।