ਪੱਤਰ ਪ੍ਰੇਰਕ
ਰਾਜਪੁਰਾ, 21 ਅਕਤੂਬਰ
ਇਥੋਂ ਦੇ ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਲੋਨੀ ਤੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਸੰਗਤ ਸ਼ਰਧਾ ਤੇ ਉਤਸ਼ਾਹ ਨਾਲ ਸ਼ਾਮਲ ਹੋਈ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਸਿੰਘ ਸਜੇ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੌਰਾਨ ਉਘੇ ਕਥਾ ਕੀਰਤਨੀ ਜਥਿਆਂ ਵੱਲੋਂ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਗੱਤਕਾ ਪਾਰਟੀ ਦੇ ਸਿੰਘਾਂ ਨੇ ਆਪਣੇ ਜੌਹਰ ਵਿਖਾਏ। ਇਹ ਨਗਰ ਕੀਰਤਨ ਗੁਰਦੁਆਰਾ ਜਪੁ ਸਾਹਿਬ ਤੋਂ ਅਰੰਭ ਹੋ ਕੇ ਗੁਰੂ ਨਾਨਕ ਕਲੋਨੀ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ, ਸ਼੍ਰੀ ਸੁਖਮਨੀ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ, ਡਾਲੀਮਾ ਵਿਹਾਰ, ਦਸਮੇਸ਼ ਕਲੋਨੀ, ਕੇਂਦਰੀ ਗੁਰਦੁਆਰਾ ਸਿੰਘ ਸਭਾ, ਸ਼ਹੀਦ ਭਗਤ ਸਿੰਘ ਕਲੌਨੀ ਅਤੇ ਵਰਕ ਸੈਂਟਰ ਕਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਜਪੁ ਸਾਹਿਬ ਵਿੱਚ ਸਮਾਪਤ ਹੋਇਆ। ਇਸ ਦੇ ਮਾਰਗ ਦੌਰਾਨ ਆਉਂਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਂਟ ਕੀਤੇ ਗਏ। ਸੰਗਤ ਵੱਲੋਂ ਥਾਂ ਥਾਂ ਲੰਗਰ ਲਗਾਏ ਗਏ। ਇਸ ਮੌਕੇ ਗਿਆਨੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ, ਕੇਂਦਰੀ ਗੁਰਦੁਆਰਾ ਸਿੰਘ ਸਭਾ ਟਾਊਨ ਅਤੇ ਜਪੁ ਸਾਹਿਬ ਸਮੇਤ ਹਰਨਾਂ ਗੁਰਦੁਆਰਿਆਂ ਵਿੱਚ ਪ੍ਰਕਾਸ਼ ਦਿਹਾੜੇ ਸਬੰਧੀ ਅਖੰਡ ਪਾਠ ਅਰੰਭ ਹਨ। ਜਿਨ੍ਹਾਂ ਦੇ 22 ਅਕਤੂਬਰ ਨੂੰ ਭੋਗ ਪੁਆਏ ਜਾਣ ਉਪਰੰਤ ਕਥਾ ਕੀਰਤਨ ਦਰਬਾਰ ਸਜਾਏ ਜਾਣਗੇ।