ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 25 ਦਸੰਬਰ
ਇਤਿਹਾਸਕ ਗੁਰਦੁਆਰਾ ਸ਼ਹੀਦ ਭਾਈ ਸੁੱਖਾ ਸਿੰਘ ਨੀਲਪੁਰ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਸਿੰਘ ਸਜੇ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੀ ਅਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ, ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਬਲਾਕ ਕਾਂਗਰਸ ਕਮੇਟੀ ਪ੍ਰਧਾਨ ਨਰਿੰਦਰ ਸ਼ਾਸ਼ਤਰੀ ਸਮੇਤ ਵੱਡੀ ਗਿਣਤੀ ਵਿੱਚ ਸ਼ਖ਼ਸੀਅਤਾਂ ਮੌਜੂਦ ਸਨ। ਕਥਾ ਕੀਰਤਨੀ ਜਥਿਆਂ ਵੱਲੋਂ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਗੱਤਕਾ ਪਾਰਟੀਆਂ ਦੇ ਸਿੰਘਾਂ ਨੇ ਆਪਣੇ ਜੌਹਰ ਵਿਖਾਏ।
ਅਮਰਗੜ੍ਹ (ਰਾਜਿੰਦਰ ਜੈਦਕਾ): ਪਾਇਨੀਅਰ ਸਕੂਲ ਗੱਜਣਮਜਾਰਾ ਵਿੱਚ ਸਹਬਿਜ਼ਾਦਿਆਂ ਤੇ ਮਾਤਾ ਗੁਜਰੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਚਾਰ ਸਾਂਝੇ ਕੀਤੇ।
ਘਨੌਰ: ਸਬ ਤਹਿਸੀਲ ਘਨੌਰ ਦੀ ਅਸਟਾਮ ਫਿਰੋਸ਼ ਅਤੇ ਟਾਈਪਿਸ਼ਟ ਯੂਨੀਅਨ ਵੱਲੋਂ ਇਸ ਦੇ ਆਗੂਆਂ ਦਲਜੀਤ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਮੰਜੌਲੀ ਸਮੇਤ ਹੋਰਨਾਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੁਆਏ ਗਏ। ਇਸ ਮੌਕੇ ਨਾਇਬ ਤਹਿਸੀਲਦਾਰ ਘਨੌਰ ਗੌਰਵ ਬਾਂਸਲ, ਬਚਿੱਤਰ ਸਿੰਘ, ਨਿਰਮਲ ਸਿੰਘ, ਅਸ਼ਵਨੀ ਸਨੌਲੀਆਂ, ਸੁਖਦੇਵ ਸਿੰਘ ਸੁੱਖੀ ਸੁਦਨ ਸਮੇਤ ਹੋਰ ਮੌਜੂਦ ਸਨ।