ਰਵੇਲ ਸਿੰਘ ਭਿੰਡਰ
ਪਟਿਆਲਾ, 1 ਮਾਰਚ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਅਲੌਕਿਕ ‘ਦਰਸ਼ਨ ਦੀਦਾਰ’ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਪੰਜ ਪਿਆਰਿਆਂ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤੇ। ਇਸ ਮੌਕੇ ਪੰਜਾਬ ਪੁਲੀਸ ਦੀ ਟੁੱਕੜੀ ਅਤੇ ਬੈਂਡ ਪਾਰਟੀ ਨੇ ਗੁਰੂ ਸਾਹਿਬ ਦੇ ਸਤਿਕਾਰ ’ਚ ਸਲਾਮੀ ਵੀ ਦਿੱਤੀ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ, ਬੀਬੀ ਕੁਲਦੀਪ ਕੌਰ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਸ਼ਿਵੰਦਰ ਸਿੰਘ ਸੱਭਰਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਵਾਹਿਗੁਰੂ ਦਾ ਨਾਮ ਸਿਮਰਨ ਕਰਦੀਆਂ ਸੰਗਤਾਂ ਪਾਲਕੀ ਸਾਹਿਬ ਦੇ ਨਾਲ-ਨਾਲ ਚੱਲ ਰਹੀਆਂ ਸਨ । ਗੱਤਕਾ ਪਾਰਟੀਆਂ ਵੱਲੋਂ ਵਿਖਾਏ ਜੌਹਰ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ’ਚ ਖਾਲਸਾਈ ਬਾਣੇ ਵਿੱਚ ਘੋੜ ਸਵਾਰਾਂ ਨਾਲ ਨਿਹੰਗ ਸਿੰਘ ਸ਼ਾਮਲ ਹੋਏ। ਨਗਰ ਕੀਰਤਨ ਸਰਹਿੰਦ ਰੋਡ ਮੁੱਖ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਤੋਖਾ ਸਾਹਿਬ, ਗੁਰਦੁਆਰਾ ਖਿਰਨੀ ਸਾਹਿਬ ਪਾਤਸ਼ਾਹੀ ਨੌਵੀਂ ਲੰਗ ਵਿੱਚੋਂ ਹੁੰਦਾ ਹੋਇਆ ਗੁ. ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਰਾਮਗੜ੍ਹ ਬੌੜਾ ਵਿਖੇ ਠਹਿਰਾਅ ਕਰਨ ਲਈ ਪੁੱਜਿਆ।ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਇੰਦਰ ਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਚਰਨਜੀਤ ਸਿੰਘ ਰੱਖੜਾ, ਮਾਲਵਾ ਜ਼ੋਨ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਹਾਜ਼ਰ ਸਨ।