ਪੱਤਰ ਪ੍ਰੇਰਕ
ਰਾਜਪੁਰਾ, 20 ਮਾਰਚ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਇਕਾਈ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਪਿਛਲੇ ਦੋ ਮਹੀਨੇ ਤੋਂ ਬਕਾਇਆ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ, ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ, ਜਸਵਿੰਦਰ ਸਿੰਘ ਸਮਾਣਾ, ਸੰਦੀਪ ਕੁਮਾਰ ਰਾਜਪੁਰਾ, ਹਿੰਮਤ ਸਿੰਘ ਖੋਖ ਅਤੇ ਹਰਪ੍ਰੀਤ ਸਿੰਘ ਉੱਪਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਸੀਬ ਨਹੀਂ ਹੋਈ ਤੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਨਵਰੀ-ਫਰਵਰੀ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ।