ਪੱਤਰ ਪ੍ਰੇਰਕ
ਪਟਿਆਲਾ, 19 ਅਗਸਤ
ਡਾ. ਅੰਬੇਡਕਰ ਕਰਮਚਾਰੀ ਮਹਾਸੰਘ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਜਥੇਬੰਦੀ ਨੇ ਡੀਸੀ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮੁੱਦਾ ਉਠਾਇਆ। ਇਸ ਦੌਰਾਨ ਜਥੇਬੰਦੀ ਪ੍ਰਧਾਨ ਨੇ ਦੱਸਿਆ ਕਿ ਪਹਿਲਾਂ ਪਿੰਡਾਂ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲਈ ਵੱਖਰੇ ਸ਼ਮਸ਼ਾਨਘਾਟ ਬਣਾ ਕੇ ਉਨ੍ਹਾਂ ਨਾਲ ਜਾਤੀ ਭੇਦਭਾਵ ਕੀਤਾ ਜਾ ਰਿਹਾ ਹੈ ਤੇ ਹੁਣ ਉਨ੍ਹਾਂ ਦੇ ਸ਼ਮਸ਼ਾਨਘਾਟਾਂ ਨੇੜੇ ਬਣਾਈਆਂ ਹੱਡਾਰੋੜੀਆਂ ਵਿੱਚ ਮਰੇ ਹੋਏ ਪਸ਼ੂਆਂ ਨੂੰ ਖੁੱਲ੍ਹੇਆਮ ਸੁੱਟਿਆ ਜਾ ਰਿਹਾ ਹੈ। ਸ੍ਰੀ ਮੱਟੂ ਨੇ ਦੱਸਿਆ ਕਿ ਨਾਭਾ ਦੇ ਪਿੰਡ ਚੌਧਰੀ ਮਾਜਰਾ ਵਿੱਚ ਵੀ ਅਨੁਸੂਚਿਤ ਜਾਤੀਆਂ ਦੇ ਸ਼ਮਸ਼ਾਨਘਾਟ ਪਾਸ ਮਰੇ ਹੋਏ ਪਸ਼ੂ ਸੁੱਟੇ ਜਾ ਰਹੇ ਹਨ। 100-200 ਮੀਟਰ ‘ਤੇ ਹੀ ਅਨੁਸੂਚਿਤ ਜਾਤੀ ਲੋਕਾਂ ਦੇ ਘਰ ਹਨ, ਜਿਸ ਕਾਰਨ ਉਨ੍ਹਾਂ ਦਾ ਰਹਿਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਿਨਹਾ ਤੋਂ ਮੰਗ ਕੀਤੀ ਕਿ ਪਿੰਡ ਚੌਧਰੀ ਮਾਜਰਾ ਦੇ ਨਾਲ ਨਾਲ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਨੁਸੂਚਿਤ ਜਾਤੀ ਸ਼ਮਸ਼ਾਨਘਾਟਾਂ ਨੇੜੇ ਮਰੇ ਹੋਏ ਪਸ਼ੂ ਸੁੱਟਣ ‘ਤੇ ਰੋਕ ਲਾਈ ਜਾਵੇ।