ਪਟਿਆਲਾ: ਸ਼ਹਿਰ ਦੀ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਸਥਾ ਉਮੰਗ ਵੈੱਲਫੇਅਰ ਫਾਊਂਡੇਸ਼ਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਹਰ ਸਾਲ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਵਿੱਚ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ, ਵਿੱਤ ਸਕੱਤਰ ਐਡਵੋਕੇਟ ਯੋਗੇਸ਼ ਪਾਠਕ, ਸਲਾਹਕਾਰ ਪ੍ਰੋ਼. ਰਾਜਦੀਪ ਸਿੰਘ ਧਾਲੀਵਾਲ ਅਤੇ ਵਣ ਮੰਡਲ (ਵਿਸਥਾਰ) ਪਟਿਆਲਾ ਤੋਂ ਬੀਟ ਅਫ਼ਸਰ ਅਮਨ ਅਰੋੜਾ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਫਾਊਂਡੇਸ਼ਨ ਦੇ ਸੁਝਾਅ ਪ੍ਰਤੀ ਸਾਕਾਰਾਤਮਕ ਪ੍ਰਤੀਕ੍ਰਿਆ ਦਿੱਤੀ। ਉਨ੍ਹਾਂ ਕਿਹਾ ਰਾਜ ਪੱਧਰ ’ਤੇ ਇਸ ਸੁਝਾਅ ’ਤੇ ਅਮਲ ਕਰਨ ਬਾਰੇ ਸਰਕਾਰ ਪੱਧਰ ’ਤੇ ਹੀ ਫੈਸਲਾ ਕੀਤਾ ਜਾ ਸਕਦਾ ਹੈ, ਪਰ ਉਹ ਜ਼ਿਲ੍ਹਾ ਪੱਧਰ ’ਤੇ ਇਸ ਨੂੰ ਲਾਗੂ ਕਰਨ ਲਈ ਕਮੇਟੀ ਦਾ ਗਠਨ ਕਰਨਗੇ। -ਖੇਤਰੀ ਪ੍ਰਤੀਨਿਧ