ਪੱਤਰ ਪ੍ਰੇਰਕ
ਰਾਜਪੁਰਾ, 27 ਸਤੰਬਰ
ਪਿੰਡ ਖੇੜੀ ਗੁਰਨਾਂ ਦੇ ਵਸਨੀਕ ਕਿਸਾਨਾਂ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪ ਕੇ ਬਰਸਾਤੀ ਪਾਣੀ ਵਿੱਚ ਡੁੱਬੀਆਂ ਫਸਲਾਂ ਵਿੱਚੋਂ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਦੀ ਮੰਗ ਕੀਤੀ ਹੈ। ਇਹ ਵਫਦ ਵਿੱਚ ਸਰਪੰਚ ਗੁਰਸੇਵਕ ਸਿੰਘ, ਨੰਬਰਦਾਰ ਗੁਰਮੇਜਰ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ ਨੇ ਐੱਸਡੀਐੱਮ ਸੰਜੀਵ ਕੁਮਾਰ ਨੂੰ ਮੰਗ ਪੱਤਰ ਸੌਂਪ ਕੇ ਜਾਣੂ ਕਰਵਾਇਆ ਕਿ ਇਸ ਖਿੱਤੇ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਹ ਪੈਣ ਕਾਰਨ ਪਿੰਡ ਖੇੜੀ ਗੁਰਨਾਂ ਤੋਂ ਬਨੂੜ ਵਾਲੇ ਪਾਸੇ ਦੇ ਦਰਜਨਾਂ ਹੀ ਪਿੰਡਾਂ ਦੇ ਬਰਸਾਤੀ ਪਾਣੀ ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਆਉਣ ਕਾਰਨ ਸਾਰੀਆਂ ਫਸਲਾਂ ਡੁੱਬ ਗਈਆਂ ਹਨ ਪਰ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ। ਜਿਸ ਕਾਰਨ ਫਸਲਾਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਪੁੱਜ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਰਸਾਤੀ ਪਾਣੀ ਵਿੱਚ ਡੁੱਬੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਅਜਿਹਾ ਨਾ ਕੀਤੇ ਜਾਣ ’ਤੇ ਪਿੰਡ ਵਾਸੀਆਂ ਵੱਲੋਂ ਸੜਕੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸ਼ੇਰ ਸਿੰਘ, ਲਖਮੀਰ ਸਿੰਘ, ਗੁਰਵਿੰਦਰ ਸਿੰਘ, ਦੀਦਾਰ ਸਿੰਘ, ਰਾਮ ਸਿੰਘ ਅਤੇ ਸੰਤ ਸਿੰਘ ਸਮੇਤ ਹੋਰ ਮੌਜੂਦ ਸਨ।