ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਸਤੰਬਰ
ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਇਕਾਈ ਭਵਾਨੀਗੜ੍ਹ ਵੱਲੋਂ ਅੱਜ ਐਸਡੀਐਮ ਭਵਾਨੀਗੜ੍ਹ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਇੱਕ ਮੰਗ ਪੱਤਰ ਭੇਜ ਕੇ ਫੈਡਰੇਸ਼ਨ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਦੇਣ ਉਪਰੰਤ ਇਕਾਈ ਪ੍ਰਧਾਨ ਨਰਿੰਦਰ ਸਿੰਘ ਨਾਗਰਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਮੌਜੂਦਾ ਜਨਤਕ ਵੰਡ ਪ੍ਰਣਾਲੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਡਿਪੂ ਹੋਲਡਰਾਂ ਦੀ ਰੋਜ਼ੀ ਰੋਟੀ ਲਈ ਮਿਹਨਤਾਨੇ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਨਾਗਰਾ ਨੇ ਅੱਗੇ ਕਿਹਾ ਕਿ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਅਧਿਕਾਰੀਆਂ ਤੋਂ ਇਲਾਵਾ ਸੂਬੇ ਦੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਕੋਵਿਡ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਡਿੱਪੂ ਹੋਲਡਰਾਂ ਨੂੰ ਫਰੰਟਲਾਈਨ ਯੋਧੇ ਐਲਾਨ ਕੇ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਜਾਵੇ।
ਐਸਡੀਐਮ ਨੂੰ ਮੰਗ ਪੱਤਰ ਦਿੰਦੇ ਹੋਏ ਡਿਪੂ ਹੋਲਡਰ।-ਫੋਟੋ: ਮੱਟਰਾਂ